ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 16 ਜੁਲਾਈ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਜਖੇਪਲ ਚੌਵਾਸ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਵਿਧਾਨ ਸਭਾ ਹਲਕੇ ਵਿੱਚ 50 ਹਜ਼ਾਰ ਰਵਾਇਤੀ ਬੂਟੇ ਲਗਾਏ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਬੂਟੇ ਲਗਾਉਣ ਅਤੇ ਸਹੀ ਸਾਂਭ-ਸੰਭਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਸਾਫ ਤੇ ਹਰਿਆ-ਭਰਿਆ ਬਣਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ। ਇਸ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਦੀ ਇਹ ਮੁਹਿੰਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਸਫਲ ਹੋ ਸਕਦੀ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸੁਹਿਰਦ ਯਤਨ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆਵਲ ਭਰਪੂਰ ਚੌਗਿਰਦਾ ਮੁਹੱਈਆ ਕਰਵਾ ਸਕੀਏ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਗ੍ਰਾਮ ਪੰਚਾਇਤ ਚੌਵਾਸ ਦੀਆਂ ਮੋਹਤਬਰ ਸ਼ਖ਼ਸੀਅਤਾਂ, ਪਰਮ ਕੁਮਾਰ, ਤਹਿਸੀਲਦਾਰ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਅਮਿਤ ਕੁਮਾਰ ਵੀ ਹਾਜ਼ਰ ਸਨ।