ਕਰਿਆਨਾ ਐਸੋਸੀਏਸ਼ਨ ਵੱਲੋਂ ਸਮੱਸਿਆਵਾਂ ਬਾਰੇ ਚਰਚਾ
ਰਿਟੇਲ ਕਰਿਆਨਾ ਐਸੋਸੀਏਸ਼ਨ ਧੂਰੀ ਦੀ ਮੀਟਿੰਗ ਪੰਜਾਬ ਪ੍ਰਧਾਨ ਪਰਮੋਦ ਗੁਪਤਾ ਤੇ ਚੇਅਰਮੈਨ ਧੂਰੀ ਕਰਿਆਨਾ ਐਸੋਸੀਏਸ਼ਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਦਫਤਰ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੀਟਿੰਗ ਦੀ ਸ਼ੁਰੂਆਤ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਸ਼ੋਕ ਭੰਡਾਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਜੁਆਇੰਟ ਕੈਸ਼ੀਅਰ ਸਾਗਰ ਮਿੱਤਲ ਨੇ ਪਿਛਲੇ ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਕੁਮਾਰ ਦਰਸ਼ੀ ਨੇ ਕਿਹਾ ਕਿ ਕਿਸੇ ਵੀ ਵਪਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਹੋਵੇ ਤਾਂ ਉਨ੍ਹਾਂ ਦੇ ਧਿਆਨ ਵਿੱਚ ਜ਼ਰੂਰ ਲਿਆ ਦੇਣ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਸਮੇਂ ਵਪਾਰੀਆਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਵਪਾਰੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਮੁੱਖ ਮੰਤਰੀ ਦਫ਼ਤਰ ਵਿੱਚ ਆ ਕੇ ਦੱਸ ਸਕਦਾ ਹੈ। ਜਨਰਲ ਸਕੱਤਰ ਸੰਜੀਵ ਗਰਗ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਪਾਰੀ ਵਰਗ ਨੂੰ ਪੈਨਸ਼ਨ, ਬੀਮਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ। ਪ੍ਰਧਾਨ ਗੁਪਤਾ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਚੇਅਰਮੈਨ ਢਿੱਲੋਂ ਨੂੰ ਜਾਣੂ ਕਰਵਾਇਆ।