DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਵੱਖ-ਵੱਖ ਥਾਵਾਂ ’ਤੇ ਧਾਰਮਿਕ ਸਮਾਗਮ; ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ
  • fb
  • twitter
  • whatsapp
  • whatsapp
featured-img featured-img
ਧੂਰੀ ਵਿੱਚ ਸਮਾਗਮ ਦੌਰਾਨ ਹਾਜ਼ਰੀ ਭਰਦੀ ਹੋਈ ਸੰਗਤ।
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 6 ਜਨਵਰੀ

Advertisement

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਸਜਾਇਆ ਗਿਆ ਜਿਥੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਦੇਖਰੇਖ ਹੇਠਾਂ ਹੋਏ ਇਨ੍ਹਾਂ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਵੀ ਉਚੇਚੇ ਤੌਰ ’ਤੇ ਪੁੱਜੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮੇਸ਼ ਪਿਤਾ ਦੇ ਇਤਿਹਾਸ ਬਾਰੇ ਚਾਨਣਾ ਪਾਇਆ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਵੱਖ-ਵੱਖ ਗੁਰਦੁਆਰਿਆਂ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਗੁਰਦੁਆਰਾ ਮੰਜੀ ਸਾਹਿਬ ਆਲੋਅਰਖ, ਫੱਗੂਵਾਲਾ ਅਤੇ ਘਰਾਚੋਂ ਸਮੇਤ ਪਿੰਡਾਂ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਦੁਕਾਨਦਾਰਾਂ ਵੱਲੋਂ ਦੁੱਧ, ਚਾਹ ਪੂਰੀਆਂ ਅਤੇ ਪਕੌੜਿਆਂ ਦੇ ਲੰਗਰ ਲਗਾਏ ਗਏ।

ਭਵਾਨੀਗੜ੍ਹ ਵਿੱਚ ਦੁੱਧ ਦਾ ਲੰਗਰ ਲਗਾਉਂਦੇ ਹੋਏ ਦੁਕਾਨਦਾਰ।

ਧੂਰੀ (ਪਵਨ ਕੁਮਾਰ ਵਰਮਾ): ਜਨਤਾ ਨਗਰ ਧੂਰੀ ਵਿੱਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ। ਉਪਰੰਤ ਬਾਬਾ ਹਰਬੰਸ ਸਿੰਘ ਜੈਨਪੁਰ ਵਾਲਿਆਂ ਦੇ ਜੱਥੇ ਨੇ ਦੀਵਾਨ ਸਜਾਇਆ। ਇਸ ਮੌਕੇ ਅਸ਼ੋਕ ਕੁਮਾਰ, ਸ਼ੁਭਮ ਕੁਮਾਰ ਤੇ ਨਗਰ ਕੌਂਸਲ ਪ੍ਰਧਾਨ ਪੁਸ਼ਪਾ ਤਾਇਲ ਆਦਿ ਹਾਜ਼ਰ ਸਨ।

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਰਾਜਪੁਰਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਰਧਾਲੂ ਸੁਵਖਤੇ ਹੀ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ਼ ਬਹਾਦਰ ਸਾਹਿਬ ਮਹਿੰਦਰ ਗੰਜ ਰਾਜਪੁਰਾ, ਗੁਰਦੁਆਰਾ ਨਵੀਨ ਸਿੰਘ ਸਭਾ, ਕੇਂਦਰੀ ਗੁਰਦੁਆਰਾ ਸਿੰਘ ਸਭਾ ਰਾਜਪੁਰਾ ਟਾਊਨ, ਗੁਰਦੁਆਰਾ ਭਾਈ ਮਤੀ ਦਾਸ ਜੀ ਗਊਸ਼ਾਲਾ ਰੋਡ, ਗੁਰਦੁਆਰਾ ਬਾਬਾ ਸੁੱਖਾ ਸਿੰਘ ਆਦਿ ਆਪਣੇ ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬਾਨਾਂ ਵਿਖੇ ਪਹੁੰਚ ਕੇ ਲੰਗਰ ਦੀ ਸੇਵਾ ਵਿਚ ਜੁਟ ਗਏ। ਇਸ ਦੌਰਾਨ ਹਾਜ਼ਰ ਸੰਗਤ ਨੇ ਰਾਗੀ ਅਤੇ ਕੀਰਤਨੀ ਜਥਿਆਂ ਵੱਲੋਂ ਕੀਤੇ ਜਾ ਰਹੇ ਰਸਭਿੰਨਾ ਕੀਰਤਨ ਦਾ ਅਨੰਦ ਮਾਣਿਆ।ਅ ਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਲਾਇਆ ਗਿਆ। ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਵੀਨ ਸਿੰਘ ਸਭਾ ਵੱਲੋਂ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਦੌਰਾਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਥਾਣਾ ਸਦਰ ਅਧੀਨ ਪੈਂਦੀ ਪੁਲੀਸ ਚੌਕੀ ਬਸੰਤਪੁਰਾ ’ਚ ਚੌਕੀ ਇੰਚਾਰਜ ਥਾਣੇਦਾਰ ਅਮਰਜੀਤ ਸਿੰਘ ਦੀ ਦੇਖਰੇਖ ਹੇਠ ਸਮੂਹ ਪੁਲੀਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਭੋਗ ਉਪਰੰਤ ਗ੍ਰੰਥੀ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੁਲੀਸ ਚੌਕੀ ਇੰਚਾਰਜ ਥਾਣੇਦਾਰ ਅਮਰਜੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਦੇ ਪੁੱਤਰ ਐਡਵੋਕੇਟ ਲਵੀਸ਼ ਮਿੱਤਲ, ‘ਆਪ’ ਬਲਾਕ ਰਾਜਪੁਰਾ ਦੇ ਪ੍ਰਧਾਨ ਜਸਵਿੰਦਰ ਸਿੰਘ ਲਾਲਾ ਖਲੌਰ, ਬਲਾਕ ਪ੍ਰਧਾਨ ਜਗਦੀਪ ਸਿੰਘ ਅਲੂਣਾ ਅਤੇ ਗ੍ਰੰਥੀ ਸਿੰਘ ਦਾ ਸਨਮਾਨ ਕੀਤਾ ਗਿਆ।

ਡਕਾਲਾ (ਮਾਨਵਜੋਤ ਭਿੰਡਰ): ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ| ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਮਗਰੋਂ ਧਾਰਮਿਕ ਦੀਵਾਨ ਸਜਿਆ, ਜਿਸ ’ਚ ਇਲਾਕੇ ਭਰ ਤੋਂ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

Advertisement
×