ਹਰਪਾਲ ਚੀਮਾ ਵੱਲੋਂ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ। ਵਿੱਤ ਮੰਤਰੀ ਨੇ ਅੱਜ ਹਲਕਾ ਦਿੜ੍ਹਬਾ ਦੇ ਕਈ ਪਿੰਡਾਂ ਨੂੰ ਜੋੜਨ ਵਾਲੀਆਂ ਸੜਕਾਂ ਦੇ ਉਦਘਾਟਨ ਕਰਨ ਦੇ ਨਾਲ-ਨਾਲ ਇਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਵਿੱਚ 60 ਕਿਲੋਮੀਟਰ ਨਵੀਆਂ ਸੜਕਾਂ ਬਣਨਗੀਆਂ। 85 ਕਿਲੋਮੀਟਰ ਸੜਕਾਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ ਅਤੇ ਅਪਗਰੇਡ ਹੋਣ ਵਾਲੀਆਂ ਸੜਕਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ 101.12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਦੀਵਾਨਗੜ੍ਹ ਕੈਂਪਰ ਤੋਂ ਖੇਤਲਾ ਸੜਕ ਅਤੇ 322.62 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਦੀਵਾਨਗੜ੍ਹ ਕੈਂਪਰ ਤੋਂ ਲਾਡਬੰਜਾਰਾ ਕਲਾਂ ਵਾਇਆ ਖੇੜੀ ਨਾਗਾ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਫੀਪੁਰ ਕਲਾਂ ਤੋਂ ਖੇੜੀ ਨਾਗੀਆ ਬੁਰਜ ਟਿੱਲਾ ਸੜਕ ਦਾ ਨੀਹ ਪੱਥਰ ਵੀ ਰੱਖਿਆ ਅਤੇ ਕਿਹਾ ਕਿ ਇਸ ਸੜਕ ਨੂੰ 2 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਪਿੰਡ ਖੇਤਲਾ ਵਿੱਚ 34 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਡਿਸਪੈਂਸਰੀ ਦੀ ਇਮਾਰਤ ਅਤੇ 23 ਲੱਖ ਰੁਪਏ ਨਾਲ ਲਾਗਤ ਨਾਲ ਬਣ ਰਹੇ ਪੰਚਾਇਤ ਘਰ ਦਾ ਵੀ ਜਾਇਜ਼ਾ ਲਿਆ।