ਪੱਤਰ ਪ੍ਰੇਰਕ
ਲਹਿਰਾਗਾਗਾ, 29 ਜੂਨ
ਕੋਵਿਡ-19 ਦੌਰਾਨ ਡਿਊਟੀ ਨਿਭਾਉਣ ਵਾਲੇ ਮਲਟੀਪਰਪਜ਼ ਹੈਲਥ ਕੇਡਰ ਦੀਆਂ ਮੰਗਾਂ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ, ਜਿਸ ਸਬੰਧੀ ਜਥੇਬੰਦੀ ਦੀ ਮੀਟਿੰਗ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਢਿੱਲੋਂ ਤੇ ਜਗਤਾਰ ਜਜੀਰਾ ਦੀ ਅਗਵਾਈ ਹੇਠ ਹੋਈ। ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ-ਫੀਮੇਲ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਗੰਢੂਆ ਨੇ ਦੱਸਿਆ ਕਿ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕਾਫੀ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਵੇਂ ਕਿ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨਾ ਅਤੇ 1263 ਦਾ ਪਰਖ ਅਧੀਨ ਸਮੇਂ ਨੂੰ ਖ਼ਤਮ ਕਰਨ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ 9 ਜੂਨ ਨੂੰ ਸਿਹਤ ਮੰਤਰੀ ਪੰਜਾਬ ਨਾਲ ਜਥੇਬੰਦੀ ਦੀ ਹੋਈ ਮਿਲਣੀ ਮੌਕੇ ਮੰਤਰੀ ਨੇ ਇਨ੍ਹਾਂ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ ਮੰਤਰੀ ਵਲੋਂ ਕੋਈ ਮੀਟਿੰਗ ਜਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਜਥੇਬੰਦੀ ਦੀ ਅੱਜ ਦੀ ਮੀਟਿੰਗ ਵਿੱਚ ਕੋਵਿਡ-19 ਕਾਰਨ ਚੁਣਵੇਂ ਆਗੂਆਂ ਨੇ ਭਾਗ ਲਿਆ ਤੇ ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਜੁਲਾਈ ਦੇ ਦੂਜੇ ਹਫ਼ਤੇ ਵਿੱਚ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ।