ਸਿਹਤ ਵਿਭਾਗ ਦੀਆਂ ਟੀਮਾਂ ਨੇ ਨਮੂਨੇ ਭਰੇ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਮਾਂ ਦੀ ਪਾਲਣਾ ਕਰਦਿਆਂ ਕਮਿਸ਼ਨਰ ਫੂਡ ਐਂਡ ਡਰੱਗ ਪ੍ਰਸ਼ਾਸਨ ਦਿਲਰਾਜ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਗਰੂਰ, ਰਾਹੁਲ ਚਾਬਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਮਰਜੀਤ ਕੌਰ ਦੀ ਅਗਵਾਈ ਵਿੱਚ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਅਦਿਤੀ ਗੁਪਤਾ, ਫੂਡ ਸੇਫਟੀ ਅਫਸਰ ਸੀਮਾ ਰਾਣੀ, ਗੌਰਵ ਕੁਮਾਰ ਦੀ ਟੀਮ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਨੌਰੀ, ਮੂਨਕ, ਧੂਰੀ, ਸ਼ੇਰਪੁਰ, ਲਹਿਰਾ, ਸੁਨਾਮ, ਭਵਾਨੀਗੜ੍ਹ, ਦਿੜਬਾ ਅਤੇ ਵੱਖ ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਦੱਸਿਆ ਕਿ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਦੁੱਧ, ਪਨੀਰ, ਦੇਸੀ ਘਿਓ ਆਦਿ ਖੁਰਾਕ ਪਦਾਰਥਾਂ ਦੇ 86 ਤੋਂ ਵੱਧ ਸੈਂਪਲ ਭਰ ਕੇ ਸਰਕਾਰੀ ਫੂਡ ਲੈਬਾਰਟਰੀ ਵਿੱਚ ਟੈਸਟ ਕਰਨ ਲਈ ਭੇਜੇ ਜਾ ਚੁੱਕੇ ਹਨ। ਰਿਪੋਰਟ ਆਉਣ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਦੁੱਧ ਤੋਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤੂਆਂ ਜਿਵੇਂ ਦਹੀ, ਖੋਆ, ਪਨੀਰ ਲੱਸੀ ਆਦਿ ਆਪਣੇ ਅਦਾਰੇ ਵਿੱਚ ਹੀ ਤਿਆਰ ਕਰਨ।
ਉਨ੍ਹਾਂ ਕਿਹਾ ਕਿ ਮਠਿਆਈਆਂ ਆਦਿ ਬਣਾਉਣ ਲਈ ਮਿਆਰੀ ਪਦਾਰਥਾਂ ਦੀ ਵਰਤੋਂ ਕੀਤੀ ਜਾਵੇ, ਮਾਨਤਾ ਪ੍ਰਾਪਤ ਨਿਰਧਾਰਤ ਮਾਪਦੰਡ ਅਨੁਸਾਰ ਫੂਡ ਕਲਰ ਵਰਤੇ ਜਾਣ।