ਸਿਹਤ ਮੰਤਰੀ ਨੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ
ਨਾਜ਼ੁਕ ਇਲਾਕਿਆਂ ਦਾ ਦੌਰਾ; ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਦਾਅਵਾ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰ ਕੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਮੁਆਇਨਾ ਕੀਤਾ। ਉਨ੍ਹਾਂ ਟਿਵਾਣਾ ਚੌਕ, 100 ਫੁੱਟ ਰੋਡ, ਵੱਡੀ ਨਦੀ, ਛੋਟੀ ਨਦੀ, ਦੌਲਤਪੁਰ ਪੁਲ ਅਤੇ ਸ਼ਾਂਤੀ ਨਗਰ ਵਿੱਚ ਨਿਕਾਸੀ ਪ੍ਰਣਾਲੀ ਦੇਖੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਬੰਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅਰਬਨ ਅਸਟੇਟ, ਬਾਬਾ ਦੀਪ ਸਿੰਘ ਨਗਰ, ਫਰੈਂਡਜ ਕਲੋਨੀ, ਕੋਹਿਨੂਰ ਐਨਕਲੇਵ ਅਤੇ ਤੇਜਬਾਗ ਕਲੋਨੀ ਵਰਗੇ ਇਲਾਕਿਆਂ ਵਿੱਚ ਪਹਿਲਾਂ ਆਉਣ ਵਾਲੀ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਯੋਜਨਾਬੱਧ ਕੰਮ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਨਿਗਮ ਅਤੇ ਡਰੇਨੇਜ ਵਿਭਾਗ ਨਾਲ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਹਰ ਸੰਵੇਦਨਸ਼ੀਲ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਲੋਕਾਂ ਦੀ ਸੁਰੱਖਿਆ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ ਪ੍ਰਸ਼ਾਸਨ ਦੀ ਮੁੱਖ ਪਹਿਲ ਹੈ।
ਉਨ੍ਹਾਂ ਕਿਹਾ ਕਿ ਮੁੱਖ ਅਤੇ ਅੰਦਰੂਨੀ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ ਦੇ ਸੁਧਾਰ ਅਤੇ ਨਦੀਆਂ ਦੀ ਸਫ਼ਾਈ ਨਾਲ ਜੁੜੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਲਈ ਟੀਮਾਂ ਲਗਾਤਾਰ ਮੈਦਾਨ ਵਿੱਚ ਡਟੀਆਂ ਹੋਈਆਂ ਹਨ। ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਵਿਰਕ, ਸੁਰੇਸ਼ ਰਾਏ ਅਤੇ ਮੋਹਿਤ ਕੁਮਾਰ ਸਣੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

