ਸਿਹਤ ਅਫਸਰਾਂ ਵੱਲੋਂ ਭਰਾਜ ਦੀ ਕੋਠੀ ਤੱਕ ਮਾਰਚ
ਵਿੱਤ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ; ਮੰਨੀਆਂ ਮੰਗਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ
ਕਮਿਊਨਟੀ ਹੈਲਥ ਅਫ਼ਸਰ ਐਸੋਸ਼ੀਏਸ਼ਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਕਮਿਊਨਿਟੀ ਸਿਹਤ ਅਫਸਰਾਂ ਵੱਲੋਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਕੋਠੀ ਤੱਕ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਦਿਆਂ ਧਰਨਾ ਦਿੱਤਾ ਗਿਆ ਅਤੇ ਵਿੱਤ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਧਰਨਾਕਾਰੀ ਕਮਿਊਨਿਟੀ ਸਿਹਤ ਅਫ਼ਸਰ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਜ਼ਿਲ੍ਹਾ ਭਰ ਤੋਂ ਕਮਿਊਨਿਟੀ ਸਿਹਤ ਅਫਸਰ ਪਟਿਆਲਾ ਗੇਟ ਸਥਿਤ ਚੌਕ ਵਿੱਚ ਇਕੱਠੇ ਹੋਏ ਜਿੱਥੋਂ ਕਾਲੇ ਝੰਡਿਆਂ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਧਰਨਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀਰਪਾਲ ਕੌਰ ਅਤੇ ਪ੍ਰੈੱਸ ਸਕੱਤਰ ਕਮਲਪ੍ਰੀਤ ਕੌਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਮਿਸ਼ਨ ਡਾਇਰੈਕਟਰ, ਮੁੱਖ ਸਕੱਤਰ ਸਿਹਤ ਵਿਭਾਗ ਅਤੇ ਵਿੱਤ ਮੰਤਰੀ ਪੰਜਾਬ ਨਾਲ ਹੋਈਆਂ ਮੀਟਿੰਗਾਂ ਵਿੱਚ ਕਮਿਊਨਿਟੀ ਸਿਹਤ ਅਫ਼ਸਰਾਂ ਦੀਆਂ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਸਵੀਕਾਰ ਕਰਦਿਆਂ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅੱਜ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਰੋਸ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿਚ ਕਮਿਊਨਿਟੀ ਸਿਹਤ ਅਫ਼ਸਰਾਂ ਦਾ ਰੈਗੂਲਰ ਕੇਡਰ ਸੈਕਸ਼ਨ ਕਰਨਾ, ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ 5,000/- ਪ੍ਰਤੀ ਮਹੀਨਾ ਘੱਟ ਤਨਖਾਹ ਦੀ ਵਿਸੰਗਤੀ ਦੂਰ ਕਰਨਾ, ਸਾਲ 2018 ਤੋਂ ਬੰਦ ਲੌਇਲਟੀ ਬੋਨਸ ਨੂੰ ਮੁੜ ਬਹਾਲ ਕਰਨਾ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਨਵੇਂ ਜਾਰੀ ਕੀਤੇ ਗਏ ਇੰਸੈਂਟਿਵ ਪ੍ਰੋਫਾਰਮੇ ਦੀ ਸਮੀਖਿਆ ਕਰ ਕੇ ਗ਼ੈਰ-ਵਾਜਬ ਸ਼ਰਤਾਂ ਨੂੰ ਵਾਪਸ ਲੈਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤੇਜ਼ ਕਰਨ ਲਈ 22 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਸਥਾਨਕ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਤੇ ਜੇ ਫਿਰ ਵੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

