ਸਿਹਤ ਮੁਲਾਜ਼ਮਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਮੁਜ਼ਾਹਰਾ
ਮੁੱਖ ਮੰਤਰੀ ਦੇ ਨਾਂ ਡੀ ਸੀ ਨੂੰ ਪੱਤਰ; 2 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਦਾ ਐਲਾਨ
ਕੌਮੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਕਮਿਊਨਟੀ ਹੈਲਥ ਅਫ਼ਸਰਾਂ ਦੀ ਜਾਇਜ਼ ਮੰਗਾਂ ਮਨਵਾਉਣ ਲਈ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ।
ਹੜਤਾਲੀ ਮੁਲਾਜ਼ਮਾਂ ਨੇ ਡੀ ਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਐਸੋਸ਼ੀਏਸ਼ਨ ਦੇ ਜ਼ਿਲਾ ਪ੍ਰਧਾਨ ਵੀਰਪਾਲ ਕੌਰ, ਪ੍ਰੈੱਸ ਸਕੱਤਰ ਕਮਲ ਕਲਿਆਣ, ਕਮੇਟੀ ਮੈਂਬਰਾਂ ਅਕਾਸ਼ਦੀਪ, ਸੰਦੀਪ ਪੂਨੀਆਂ, ਡਾ. ਜਸਪ੍ਰੀਤ ਅਤੇ ਸਿੰਪਲ ਸ਼ਰਮਾ ਨੇ ਕਿਹਾ ਕਿ ਅਫ਼ਸਰ ਅਤੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ 22 ਜੂਨ ਤੋਂ ਸ਼ੁਰੂ ਹੋਈ ਹੜਤਾਲ ਕਾਰਨ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਪਰ ਸਰਕਾਰ ਵੱਲੋਂ ਅਜੇ ਤੱਕ ਸਾਰ ਨਹੀਂ ਲਈ ਅਤੇ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਜਲਦੀ ਮੰਗਾਂ ਦੇ ਹੱਲ ਲਈ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 2 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਮੁਲਾਜ਼ਮ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਤੱਕ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ ਅਤੇ ਸਿਹਤ ਸੇਵਾਵਾਂ ਦੇ ਪ੍ਰਭਾਵਿਤ ਹੋਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।
