ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੁਲਾਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਕਮੇਟੀ ਨੇ ਪਿੰਡ ਹੇੜੀਕੇ ਦੀ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਹੋਈ ਬੋਲੀ ਨੂੰ ਡੰਮੀ ਕਰਾਰ ਦਿੰਦਿਆਂ ਜ਼ਮੀਨ ’ਤੇ ਕਬਜ਼ੇ ਦਾ ਐਲਾਨ ਕੀਤਾ ਹੈ। ਮੀਟਿੰਗ ਦੌਰਾਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ 25 ਅਗਸਤ ਨੂੰ ਜ਼ਮੀਨ ਵਿਚ ਜਥੇਬੰਦੀ ਦਾ ਝੰੰਡਾ ਲਹਿਰਾ ਕੇ ਕਬਜ਼ਾ ਕੀਤਾ ਜਾਵੇਗਾ।
ਸਥਾਨਕ ਗਦਰ ਮੈਮੋਰੀਅਲ ਭਵਨ ਵਿੱਚ ਹੋਈ ਮੀਟਿੰਗ ਮਗਰੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਨੇ ਦੋਸ਼ ਲਾਇਆ ਕਿ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਵਾਂਗ ‘ਆਪ’ ਸਰਕਾਰ ਵੱਲੋਂ ਵੀ ਦਲਿਤਾਂ ਤੋਂ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਦਾ ਹੱਕ ਖੋਹਣ ਲਈ ਡੰਮੀ ਬੋਲੀ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਡੀਪੀਓ ਦਫ਼ਤਰ ਸ਼ੇਰਪੁਰ ਵਿੱਚ ਭਾਰੀ ਪੁਲੀਸ ਫੋਰਸ ਲਾ ਕੇ ਪਿੰਡ ਹੇੜੀਕੇ ਦੀ ਪੰਚਾਇਤੀ ਜ਼ਮੀਨ ਦੀ ਡੰਮੀ ਬੋਲੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਡੰਮੀ ਬੋਲੀ ਦਾ ਵਿਰੋਧ ਕਰਨ ਵਾਲੇ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਕੁਝ ਲੋਕਾਂ ਵੱਲੋਂ ਕੁੱਟਮਾਰ ਅਤੇ ਡਰਾ ਕੇ ਸੰਘਰਸ਼ ਤੋਂ ਪਿੱਛੇ ਹਟਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਇਸ ਦਲਿਤ ਵਿਰੋਧੀ ਚਿਹਰੇ ਨੂੰ ਬੇਪਰ ਕਰਨ ਅਤੇ ਡੰਮੀ ਬੋਲੀ ਰੱਦ ਕਰਾ ਕੇ ਪੱਕੇ ਤੌਰ ’ਤੇ ਐੱਸਸੀ ਭਾਈਚਾਰੇ ਨੂੰ ਜ਼ਮੀਨ ਦਾ ਹੱਕ ਦਿਵਾਉਣ ਲਈ 6 ਅਤੇ 7 ਅਗਸਤ ਨੂੰ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਰਥੀਆਂ ਸਾੜਨ ਦਾ ਐਲਾਨ ਕੀਤਾ। ਇਸੇ ਤਰ੍ਹਾਂ 25 ਅਗਸਤ ਨੂੰ ਦਲਿਤ ਭਾਈਚਾਰੇ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿੰਡ ਹੇੜੀਕੇ ਦੀ ਪੰਚਾਇਤੀ ਜ਼ਮੀਨ ਉੱਪਰ ਕਬਜ਼ਾ ਕਰਨ ਦਾ ਐਲਾਨ ਕੀਤਾ ਗਿਆ।