ਹਰਦੀਪ ਸਿੰਘ ਸੋਢੀ
ਧੂਰੀ, 26 ਅਗਸਤ
ਨੇੜਲੇ ਪਿੰਡ ਕੁੰਭੜਵਾਲ ਦੇ ਵਸਨੀਕਾਂ ਵੱਲੋਂ ਪਿੰਡ ਦੇ ਸ਼ਾਦੀਸ਼ੁਦਾ ਨੌਜਵਾਨ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਜਿੱਥੇ ਥਾਣਾ ਸਦਰ ਧੂਰੀ ਅੱਗੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ, ਉਥੇ ਹੀ ਪ੍ਰਦਰਸ਼ਨਕਾਰੀਆਂ ਨੇ ਅੱਜ ਮੁੜ ਤੋਂ ਧੂਰੀ-ਸੰਗਰੂਰ ’ਤੇ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਪਿੰਡ ਕੁੰਭੜਵਾਲ ਦਾ ਨੌਜਵਾਨ ਮਨਪ੍ਰੀਤ ਸਿੰਘ (26) ਪੁੱਤਰ ਕਰਨੈਲ ਸਿੰਘ ਧਨੌਲਾ ਨੇੜਲੇ ਪਿੰਡ ਕੋਠੇ ਗੋਬਿੰਦਪੁਰਾ ਵਿਖੇ ਵਿਆਹਿਆ ਹੋਇਆ ਸੀ ਅਤੇ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਵੱਲੋਂ ਪ੍ਰੇਸ਼ਾਨ ਕੀਤੇ ਜਾਣ ਕਾਰਨ ਉਸ ਨੇ ਆਤਮ ਹੱਤਿਆ ਕਰ ਲਈ ਸੀ। ਇਸ ਸਬੰਧੀ ਥਾਣਾ ਸਦਰ ਧੂਰੀ ਅਧੀਨ ਆਉਦੀ ਰਣੀਕੇ ਚੌਂਕੀ ’ਚ ਲੰਘੀ 28 ਜੁਲਾਈ ਨੂੰ ਕੇਸ ਦਰਜ ਕਰਵਾਇਆ ਗਿਆ ਸੀ। ਪੁਲੀਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਸੀ, ਪਰ ਸਿਆਸੀ ਦਬਾਅ ਕਾਰਨ ਮੁਲਜ਼ਮ ਛੱਡ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕੱਲ ਤੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੁਲੀਸ ਨੇ ਚਾਰ ’ਚੋਂ 2 ਮੁਲਜ਼ਮ ਗ੍ਰਿਫ਼ਤਾਰ ਕਰ ਲਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਡੀਐੱਸਪੀ ਧੂਰੀ ਯੋਗੇਸ਼ ਸ਼ਰਮਾ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵੱਲੋਂ ਭਾਵੇਂ ਟਰੈਫਿਕ ਬਹਾਲ ਕਰ ਦਿੱਤਾ ਗਿਆ, ਪ੍ਰੰਤੂ ਥਾਣਾ ਸਦਰ ਧੂਰੀ ਅੱਗੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ। ਇਸ ਮੌਕੇ ਮਨਪ੍ਰੀਤ ਸਿੰਘ, ਜੋਗਿੰਦਰ ਸਿੰਘ ਖਾਲਸਾ, ਜਸਵਿੰਦਰ ਕੌਰ ਖਾਲਸਾ ਤੇ ਪਿੰਡ ਵਾਸੀ ਹਾਜ਼ਰ ਸਨ।