ਪਿੰਡ ਘਰਾਚੋਂ ਦੇ ਦਲਿਤ ਭਾਈਚਾਰੇ ਵੱਲੋਂ ਭੁੱਖ ਹੜਤਾਲ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਜ਼ਦੂਰਾਂ ਦੀਅਾਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ’ਤੇ ਡਟੇ ਰਹਿਣ ਦਾ ਅਹਿਦ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਸੱਦੇ ’ਤੇ ਅੱਜ ਨੇੜਲੇ ਪਿੰਡ ਘਰਾਚੋਂ ਦੇ ਦਲਿਤ ਭਾਈਚਾਰੇ ਵੱਲੋਂ ਭੁੱਖ ਹੜਤਾਲ ਕੀਤੀ ਗਈ। ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਗੁਰਚਰਨ ਸਿੰਘ ਘਰਾਚੋਂ ਅਤੇ ਗੁਰਵਿੰਦਰ ਸਿੰਘ ਬੌੜਾਂ ਨੇ ਦੱਸਿਆ ਕਿ ਜ਼ਮੀਨੀ ਘੋਲ ਦੌਰਾਨ ਦਰਜ ਕੀਤੇ ਝੂਠੇ ਪਰਚੇ ਤਹਿਤ ਗ੍ਰਿਫ਼ਤਾਰ ਆਗੂ ਨੂੰ ਤੁਰੰਤ ਰਿਹਾਅ ਕਰਨ, ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਅਤੇ ਹੜਾਂ ਦੌਰਾਨ ਨੁਕਸਾਨੇ ਘਰਾਂ ਦੇ ਮੁਆਵਜ਼ੇ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਰੋਜ਼ਾਨਾ ਦੋ ਪਿੰਡਾਂ ਵੱਲੋਂ ਲੜੀਵਾਰ ਭੁੱਖ ਹੜਤਾਲ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਸੱਦੇ ਨੂੰ ਪਿੰਡ ਘਰਾਚੋਂ ਵਿੱਚ ਸਮੁੱਚੇ ਦਲਿਤ ਭਾਈਚਾਰੇ ਵੱਲੋਂ ਆਪਣੇ ਚੁੱਲ੍ਹੇ ਠੰਢੇ ਰੱਖ ਕੇ ਭਰਵਾਂ ਹੁੰਗਾਰਾ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਤੋਂ ਝੂਠੇ ਪਰਚੇ ਤਹਿਤ ਮੁਕਤਸਰ ਜੇਲ੍ਹ ਵਿੱਚ ਬੰਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਵੱਲੋਂ ਵੀ ਇੱਕ ਰੋਜ਼ਾ ਭੁੱਖ ਹੜਤਾਲ ਕਰਕੇ ਇਸ ਸੱਦੇ ਦਾ ਸਮਰਥਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸੱਦੇ ਆਉਣ ਵਾਲੇ ਵਿਸ਼ਾਲ ਸੰਘਰਸ਼ ਦੀ ਤਿਆਰੀ ਦਾ ਪੜਾਅ ਸਾਬਤ ਹੋਣਗੇ। ਆਗੂਆਂ ਨੇ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ’ਤੇ ਡਟੇ ਰਹਿਣ ਦਾ ਅਹਿਦ ਲਿਆ। ਇਸ ਮੌਕੇ ਜਸਵੀਰ ਸਿੰਘ, ਕਰਮਜੀਤ ਸਿੰਘ, ਗੁਰਜੰਟ ਸਿੰਘ, ਰਾਮ ਸਿੰਘ, ਲਾਭ ਸਿੰਘ, ਜੀਤ ਸਿੰਘ, ਚਮਕੌਰ ਸਿੰਘ, ਅਮਰਜੀਤ ਸਿੰਘ, ਗੁਰਮੇਲ ਕੌਰ, ਅਮਨਦੀਪ ਕੌਰ, ਗੁੱਡੀ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।