DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਗਰੂਰ ’ਚ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ

ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਨਸ਼ਾ ਤਸਕਰੀ ਦੇ 21 ਕੇਸ ਦਰਜ: ਸਰਤਾਜ ਚਾਹਲ
  • fb
  • twitter
  • whatsapp
  • whatsapp
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਹੈ। ਅੱਜ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪੁਲੀਸ ਤੇ ਸਿਵਲ ਪ੍ਰਸ਼ਾਸਨ ਵਲੋਂ ਰਾਮ ਨਗਰ ਬਸਤੀ ਉੱਭਾਵਾਲ ਰੋਡ ’ਚ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਨਸ਼ਾ ਤਸ਼ਕਰੀ ਨਾਲ ਸਬੰਧਤ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ 21 ਕੇਸ ਦਰਜ ਹਨ।

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਅਮਰਜੀਤ ਕੌਰ ਉਰਫ਼ ਮਾਣੋ ਖਿਲਾਫ 9 ਅਤੇ ਹੋਰ ਵੱਖ-ਵੱਖ ਮਾਮਲਿਆਂ ਦੇ 3 ਕੇਸਾਂ ਸਮੇਤ ਕੁੱਲ 12 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੇ ਪਤੀ ਭੋਲਾ ਸਿੰਘ ਉਰਫ ਹਰਬੰਸ ਸਿੰਘ ਉਰਫ ਅਵਤਾਰ ਖ਼ਿਲਾਫ਼ ਨਸ਼ਾ ਤਸਕਰੀ ਦੇ 2 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੀ ਸੱਸ ਸੁਰਜੀਤ ਕੌਰ ਉਰਫ ਜੀਤੋ ਖਿਲਾਫ 6 ਕੇਸ ਦਰਜ ਹਨ। ਅਮਰਜੀਤ ਕੌਰ ਉਰਫ ਮਾਣੋ ਦੀ ਧੀ ਜੈਸਮੀਨ ਉਰਫ ਕਾਲੋ ਖ਼ਿਲਾਫ਼ 1 ਕੇਸ ਦਰਜ ਹੈ। ਇਸ ਤਰ੍ਹਾਂ ਇੱਕੋ ਪਰਿਵਾਰ ਦੇ 4 ਮੈਂਬਰਾਂ ’ਤੇ 21 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਹਾਲ ਮਦਦ ਕਰ ਰਹੀ ਹੈ।

ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁਡਾਊ ਤੇ ਮੁੜਬਸੇਬਾ ਕੇਂਦਰ ਕਾਰਰਸ਼ੀਲ ਹਨ। ਸ੍ਰੀ ਚਾਹਲ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸ ਮੌਕੇ ਐੱਸਪੀ ਨਵਰੀਤ ਸਿੰਘ ਵਿਰਕ, ਡੀਐੱਸਪੀ ਸੁਖਦੇਵ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਹਾਜ਼ਰ ਸਨ।

Advertisement