ਪੰਜਾਬ ਐਕਸ਼ਨ ਕਮੇਟੀ ਦੇ ਸੱਦੇ ’ਤੇ ਨਗਰ ਕੌਂਸਲ ਭਵਾਨੀਗੜ੍ਹ ਦੇ ਸਫ਼ਾਈ ਸੇਵਕਾਂ ਵੱਲੋ ਅੱਜ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸ਼ਹਿਰ ਵਿੱਚ ਰੋਸ ਪ੍ਰਦਰਸਨ ਕੀਤਾ ਗਿਆ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ, ਬਲਾਕ ਪ੍ਰਧਾਨ ਜਗਮੇਲ ਸਿੰਘ ਬਿੱਟੂ, ਸਰਪ੍ਰਸਤ ਗੁਰਮੇਲ ਸਿੰਘ, ਕਾਕਾ ਸਿੰਘ, ਬੀਰਬਲ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਸਿੰਘ, ਹਰੀ ਕ੍ਰਿਸ਼ਨ, ਸਮਸ਼ੇਰ ਸਿੰਘ, ਰਾਮ ਸਰੂਪ ਸਿੰਘ, ਸੁਖਵਿੰਦਰ ਕੌਰ, ਵੀਰਪਾਲ ਕੌਰ ਅਤੇ ਕੁਲਵਿੰਦਰ ਕੌਰ ਨੇ ਦੱਸਿਆ ਕਿ
ਪੰਜਾਬ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁਚਾਉਣ ਲਈ ਅੱਜ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਤਪਦੀ ਗਰਮੀ ਦੌਰਾਨ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਮੁਜ਼ਾਹਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੋਰੇ ਹਾਕਮਾਂ ਨੂੰ ਦੇਸ਼ ਵਿੱਚੋਂ ਭਜਾਉਣ ਲਈ ਸ਼ਹੀਦ ਭਗਤ ਸਿੰਘ ਹੁਰਾਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਪਰ ਦੇਸ਼ ਦੇ ਮੌਜੂਦਾ ਹਾਕਮਾਂ ਨੇ ਲੋਕਾਂ ਦੀ ਜ਼ਿੰਦਗੀ ਹੋਰ ਵੀ ਦੁੱਭਰ ਕਰ ਦਿੱਤੀ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅੜੀਅਲ ਵਤੀਰਾ ਤਿਆਗ ਕੇ ਮਸਲਾ ਹੱਲ ਨਹੀਂ ਕੀਤਾ ਤਾਂ ਜਥੇਬੰਦੀ ਤਿੱਖੇ ਸੰਘਰਸ਼ ਦੇ ਰਾਹ ਪੈ ਸਕਦੀ ਹੈ।

