ਪੱਤਰ ਪ੍ਰੇਰਕ
ਲੌਂਗੋਵਾਲ , 8 ਅਗਸਤ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਪਿੰਡ ਢੱਡਰੀਆਂ ਵਿਖੇ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਹ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੀ ਸਫਾਈ ਮੁਹਿੰਮ ਅਤੇ ਸਾਫ਼ ਵਾਤਾਵਰਨ ਨੂੰ ਯਕੀਨੀ ਬਣਾਉਣ ਦੀ ਲੜੀ ਤਹਿਤ ਪਿੰਡਾਂ ਵਿੱਚ ਸੌਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਵਖਰੇਵੇਂ ਅਤੇ ਉਸ ਦੇ ਸੁਚੱਜੇ ਨਿਪਟਾਰੇ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਇਹ ਪ੍ਰਾਜੈਕਟ ਤਿਆਰ ਕਰਕੇ ਸਵੱਛਤਾ ਲਈ ਅਹਿਮ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਨਾਗਰਿਕ ਵੀ ਜਾਗਰੂਕਤਾ ਨਾਲ ਗਿੱਲੇ ਤੇ ਸੁੱਕੇ ਕੂੜੇ ਦਾ ਯੋਗ ਢੰਗ ਨਾਲ ਪ੍ਰਬੰਧਨ ਕਰਨ ਦੀ ਪ੍ਰਕਿਰਿਆ ਅਪਣਾ ਲੈਣ ਤਾਂ ਇਹ ਇੱਕ ਵੱਡੀ ਪ੍ਰਾਪਤੀ ਹੋਵੇਗੀ। ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਕਰੀਬ 10 ਲੱਖ ਰੁਪਏ ਦੀ ਲਾਗਤ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿਡ ਡੇਅ ਮੀਲ ਸ਼ੈੱਡ ਅਤੇ ਚਾਰ ਕਲਾਸ ਰੂਮਾਂ ਦਾ ਵੀ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਬੀਡੀਪੀਓ ਗੁਰਦਰਸ਼ਨ ਸਿੰਘ, ਸਰਪੰਚ ਗੁਰਚਰਨ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।