ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 16 ਅਗਸਤ
ਦੇਸ਼ ਦੀ ਆਜ਼ਾਦੀ ਦਾ 75ਵਾਂ ਆਜ਼ਾਦੀ ਦਿਹਾੜਾ ਸਥਾਨਕ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਐੱਸਐੱਸਪੀ ਮਾਲੇਰਕੋਟਲਾ ਅਵਨੀਤ ਕੌਰ ਸਿੱਧੂ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵੀ ਹਾਜ਼ਰ ਸਨ। ਪਰੇਡ ਦੀ ਅਗਵਾਈ ਡੀ.ਐੱਸ.ਪੀ ਅਮਰਗੜ੍ਹ ਗੁਰ ਇਕਬਾਲ ਸਿੰਘ ਨੇ ਕੀਤੀ। ਇਸ ਮੌਕੇ ਲੋੜਵੰਦਾਂ ਨੂੰ ਸਲਾਈ ਮਸ਼ੀਨ, ਟਰਾਈ ਸਾਈਕਲ ਅਤੇ ਵ੍ਹੀਲ ਚੇਅਰ ਵੀ ਦਿੱਤੀਆਂ ਅਤੇ ਬਿਹਤਰ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
ਪਟਿਆਲਾ (ਖੇਤਰੀ ਪ੍ਰਤੀਨਿਧ): ਇਥੇ ਪਾਵਰਕੌਮ ਦੇ ਮੁੱਖ ਦਫਤਰ ਵਿੱਚ ਆਜ਼ਾਦੀ ਦਿਵਸ ਸਬੰਧੀ ਕੀਤੇ ਗਏ ਸਮਾਗਮ ਦੌਰਾਨ ਕੌਮੀ ਝੰਡਾ ਇੰਜ. ਜਤਿੰਦਰ ਕੰਡਾ ਉਪ ਸਕੱਤਰ ਜਨਰਲ ਨੇ ਲਹਿਰਾਇਆ। ਇਸੇ ਤਰ੍ਹਾਂ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿੱਚ ਪ੍ਰਿੰਸੀਪਲ ਪ੍ਰੋ. ਕੁਸੁਮ ਲਤਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ। ਰਾਜਿੰਦਰਾ ਜਿਮਖਾਨਾ ਅਤੇ ਮਹਿੰਦਰਾ ਕਲੱਬ ਨੇ ਆਪਣਾ 125 ਸਾਲਾਂ ਤੋਂ ਵਧੇਰੇ ਦਾ ਸਫ਼ਰ ਪੂਰਾ ਕਰਦਿਆਂ ਕਲੱਬ ਪ੍ਰਧਾਨ ਡਾ. ਸੁਧੀਰ ਵਰਮਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ। ਵਿਸ਼ੇਸ਼ ਤੌਰ ’ਤੇ ਪੁੱਜੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਲੱਬ ਦੇ ਸਮੂਹ ਮੈਂਬਰਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ।
ਲਹਿਰਾਗਾਗਾ (ਪੱਤਰ ਪ੍ਰੇਰਕ): ਲਹਿਰਾਗਾਗਾ ’ਚ ਸਬ ਡਿਵੀਜ਼ਨ ਪੱਧਰ ’ਤੇ ਆਜ਼ਾਦੀ ਦਿਵਸ ਪ੍ਰੋਗਰਾਮ ਸਥਾਨਕ ਅਨਾਜ ਮੰਡੀ ਵਿੱਚ ਹੋਇਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਪਰਵੀਨ ਕੁਮਾਰ ਸਿੰਗਲਾ ਅਤੇ ਵਿਧਾਇਕ ਬਰਿੰਦਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਪ੍ਰਵੀਨ ਸਿੰਗਲਾ ਨੇ ਅਦਾ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।
ਚੀਮਾ ਮੰਡੀ (ਪੱਤਰ ਪ੍ਰੇਰਕ): ਇੱਥੇ ਮਾਡਰਨ ਕਾਲਜ ਬੀਰ ਕਲਾਂ ਵਿੱਚ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਮਨਾਏ ਗਏ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਡਾ. ਵੀ ਕੇ ਰਾਏ ਨੇ ਨਿਭਾਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਹੱਥਾਂ ਵਿੱਚ ਤਿਰੰਗੇ ਝੰਡੇ ਫੜ ਕੇ ਰੈਲੀ ਵੀ ਕੱਢੀ ਗਈ। ਨਗਰ ਪੰਚਾਇਤ ਦੇ ਦਫ਼ਤਰ ਵਿੱਚ ਮਨਾਏ ਗਏ ਆਜ਼ਾਦੀ ਦਿਵਸ ਦੌਰਾਨ ਨਗਰ ਪੰਚਾਇਤ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਝੰਡਾ ਲਹਿਰਾਇਆ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿੱਚ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਵਿਨੀਤ ਕੁਮਾਰ ਐੱਸਡੀਐੱਮ ਭਵਾਨੀਗੜ੍ਹ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਧੂਰੀ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਸਬੰਧੀ ਸਬ ਡਿਵੀਜ਼ਨ ਪੱਧਰੀ ਸਮਾਗਮ ਯੂਨੀਵਰਸਿਟੀ ਕਾਲਜ ਬੇਨੜਾ, ਧੂਰੀ ’ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਐੱਸ.ਡੀ.ਐੱਮ ਅਮਿਤ ਗੁਪਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹੋਣਹਾਰ ਵਿਦਿਆਰਥੀਆ ਨੂੰ ਇਨਾਮ ਵੰਂਡੇ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵਿਦਿਆਰਥਣ ਪ੍ਰਿਆ ਗਰਗ, ਰੀਧਿਮਾ ਅਤੇ ਪੱਤਰਕਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਨਗਰ ਕੌਂਸਲ ਦਫਤਰ ਵਿੱਚ ਪ੍ਰਧਾਨ ਪੁਸ਼ਪਾ ਤਾਇਲ ਨੇ ਕੋਮੀ ਝੰਡਾ ਲਹਿਰਾਇਆ।
ਦੇਵੀਗੜ੍ਹ (ਪੱਤਰ ਪ੍ਰੇਰਕ): ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਆਜ਼ਾਦੀ ਦਿਹਾੜਾ ਇੰਚਾਰਜ ਡਾ. ਸੁਰਜੀਤ ਸਿੰਘ ਪੁਆਰ ਦੀ ਨਿਗਰਾਨੀ ਹੇਠ ਕਾਲਜ ਦੇ ਐੱਨ.ਐੱਸ.ਐੱਸ ਯੂਨਿਟ ਅਤੇ ਰੈੱਡ ਰਬਿਨ ਕਲੱਬ ਵੱਲੋਂ ਮਨਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਦੁੱਧਨਸਾਧਾਂ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ, ਜਿਥੇ ਝੰਡਾ ਲਹਿਰਾਉਣ ਦੀ ਰਸਮ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਨੇ ਨਿਭਾਈ। ਅਮਰਗੜ੍ਹ (ਰਾਜਿੰਦਰ ਜੈਦਕਾ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਸਬ-ਡਿਵੀਜ਼ਨ ਪੱਧਰ ’ਤੇ ਆਜ਼ਾਦੀ ਦਿਵਸ ਪ੍ਰਿੰਸੀਪਲ ਜਸਪਾਲ ਸਿੰਘ ਦੀ ਦੇਖ-ਰੇਖ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਤਹਿਸੀਲਦਾਰ ਮਨਜੀਤ ਸਿੰਘ ਰਾਜਲਾ ਨੇ ਨਿਭਾਈ ਜਦਕਿ ਨਗਰ ਪੰਚਾਇਤ ਦੇ ਦਫ਼ਤਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਦੀ ਪ੍ਰਧਾਨ ਬੀਬੀ ਜਸਪਾਲ ਕੌਰ ਨੇ ਅਦਾ ਕੀਤੀ।
ਘੱਗਾ (ਪੱਤਰ ਪ੍ਰੇਰਕ): ਨਗਰ ਪੰਚਾਇਤ ਘੱਗਾ ਦੇ ਦਫ਼ਤਰ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਘੱਗਾ ਦੇ ਪ੍ਰਧਾਨ ਨਰੇਸ਼ ਕੁਮਾਰ ਬਾਂਸਲ ਨੇ ਕੌਮੀ ਝੰਡਾ ਲਹਿਰਾਇਆ ਅਤੇ ਘੱਗਾ ਪੁਲੀਸ ਵੱਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ।
ਪਾਤੜਾਂ (ਪੱਤਰ ਪ੍ਰੇਰਕ): ਪ੍ਰਸ਼ਾਸਨ ਵੱਲੋਂ ਸਰਕਾਰੀ ਕਿਰਤੀ ਕਾਲਜ ਨਿਆਲ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਐੱਸਡੀਐੱਮ ਪਾਤੜਾਂ ਨਵਦੀਪ ਕੁਮਾਰ ਨੇ ਨਿਭਾਈ।
ਸਮਾਣਾ (ਸੁਭਾਸ਼ ਚੰਦਰ): ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਪਬਲਿਕ ਕਾਲਜ ਦੇ ਖੇਡ ਸਟੇਡੀਅਮ ਵਿੱਚ ਸਰਕਾਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਉਪ-ਮੰਡਲ ਮੈਜਿਸਟਰੇਟ ਚਰਨਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਤੋਂ ਸਲਾਮੀ ਲਈ। ਇਸ ਤੋਂ ਇਲਾਵਾ ਗਾਂਧੀ ਗਰਾਊਂਡ ਵਿੱਚ ਕਾਂਗਰਸ ਪਾਰਟੀ ਵੱਲੋਂ, ਨਗਰ ਕੌਂਸਲ ਵਿੱਚ ਪ੍ਰਧਾਨ ਅਸ਼ਵਨੀ ਗੁਪਤਾ, ਅਗਰਸੈਨ ਇੰਟਰਨੈਸ਼ਨਲ ਸਕੂਲ ’ਚ ਪ੍ਰਧਾਨ ਜੀਵਨ ਗਰਗ, ਲਾਇਨਜ਼ ਕਲੱਬ, ਰੋਟਰੀ ਕਲੱਬ, ਸੀਨੀਅਰ ਸਿਟੀਜ਼ਨ ਹੋਮ ਤੋਂ ਇਲਾਵਾ ਹੋਰ ਵੀ ਵੱਖ ਵੱਖ ਥਾਵਾਂ ’ਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ।
ਪਟਿਆਲਾ (ਪੱਤਰ ਪ੍ਰੇਰਕ): ਸ਼ਿਵ ਸੈਨਾ ਬਾਲ ਠਾਕਰੇ (ਸ਼ਿੰਦੇ ਗਰੁੱਪ) ਦੇ ਸੂਬਾ ਪੰਜਾਬ ਦੇ ਪ੍ਰਧਾਨ ਹਰੀਸ਼ ਸਿੰਗਲਾ ਦੀ ਅਗਵਾਈ ਵਿਚ ਅੱਜ ਪਟਿਆਲਾ ਵਿੱਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਰੀਸ਼ ਸਿੰਗਲਾ ਨੇ ਤਿਰੰਗਾ ਲਹਿਰਾਇਆ।