ਲਹਿਰਾਗਾਗਾ (ਰਮੇਸ਼ ਭਾਰਦਵਾਜ): ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਬਲਾਕ ਲਹਿਰਾਗਾਗਾ ਨੇ ਖਨੌਰੀ ’ਚ ਹਾਈਵੇ ਜਾਮ ਕਰਨ ਦਾ ਫੈੈਸਲਾ ਕੀਤਾ ਹੈ। ਇਥੇ ਰਿਲਾਇੰਸ ਪੰਪ ’ਤੇ ਧਰਨੇ ਦੇ 176ਵੇਂ ਦਿਨ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਲੱਗੇ ਪੱਕੇ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਮੋਦੀ ਹਕੂਮਤ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ 26 ਮਾਰਚ ਨੂੰ ਲੋਕਾਂ ਦੇ ਸਹਿਯੋਗ ਨਾਲ ਵੱਡਾ ਇਕੱਠ ਕਰਕੇ ਖਨੌਰੀ ਹਾਈਵੇ 12 ਘੰਟਿਆਂ ਲਈ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਸਿਰਫ ਮੈਡੀਕਲ ਦੁਕਾਨਾਂ ਅਤੇ ਐਂਬੂਲੈਂਸ ਗੱਡੀਆਂ ਨੂੰ ਛੋਟ ਰਹੇਗੀ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮ ਸਿੰਘ ਨੰਗਲਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਜਸ਼ਨਦੀਪ ਕੋਰ ਪਿਸ਼ੌਰ, ਕਰਮਜੀਤ ਕੌਰ ਭੁਟਾਲ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਜਨ ਅੰਦੋਲਨ ਨੂੰ ਨਜ਼ਰਅੰਦਾਜ਼ ਕਰ ਕੇ ਕਿਸੇ ਨਾ ਕਿਸੇ ਬਹਾਨੇ ਦੱਬਣਾ ਚਾਹੁੰਦੀ ਹੈ। ਪਹਿਲਾਂ ਕਰੋਨਾ ਦੀ ਆੜ ਵਿੱਚ ਲੋਕਾਂ ਨੂੰ ਇਕ ਸਾਲ ਤੋਂ ਵੱਧ ਘਰਾਂ ਵਿਚ ਕੈਦ ਕਰ ਕੇ ਕਾਲੇ ਕਾਨੂੰਨ ਲਿਆਂਦੇ ਗਏ ਜੋ ਕਿ ਗੈਰਸੰਵਿਧਾਨਕ ਅਤੇ ਬੋਲੋੜੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥ-ਵਿਵਸਥਾ ਨੂੰ ਡੂੰਗੀ ਖਾਈ ਵਿੱਚ ਸੁੱਟ ਕਾਰਪੋਰੇਟ ਘਰਾਣਿਆਂ ਦਾ ਮੁਨਾਫ਼ਾ ਵਧਾਇਆ ਗਿਆ। ਉਨ੍ਹਾਂ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦੇਣ ਲਈ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਥ ਦੇਣ।