ਪੱਤਰ ਪ੍ਰੇਰਕ
ਲਹਿਰਾਗਾਗਾ, 23 ਫਰਵਰੀ
ਭਾਰਤੀ ਖੇਤੀ ਖੋਜ ਸੰਸਥਾ, ਨਵੀਂ ਦਿੱਲੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ ਵੱਲੋਂ ਐੱਸਸੀਐੱਸਪੀ ਸਕੀਮ ਅਧੀਨ ਹਲਕਾ ਲਹਿਰਾਗਾਗਾ ਦੇ ਪਿੰਡ ਭੂਲਨ ਸਣੇ ਹੋਰਾਂ ਵਿੱਚ ਕਣਕ ਦੇ ਝਾੜ ਵਧਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਵਰਤੋਂ ਸਬੰਧੀ ਖੇਤ ਦਿਵਸ ਮਨਾਇਆ ਗਿਆ। ਇਸ ਮੌਕੇ ਕੇਂਦਰ ਦੇ ਐਸੋਸੀਏਟ ਡਾਇਰੈਕਟਰ (ਟਰੇਨਿੰਗ), ਡਾ. ਮਨਦੀਪ ਸਿੰਘ ਨੇ ਕਿਸਾਨਾਂ ਨੂੰ ਬੇਲੋੜੀਆਂ ਰਸਾਇਣਿਕ ਖਾਦਾਂ ਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਅਤੇ ਕਣਕ ਵਿੱਚ ਬੋਰੋਨ ਅਤੇ ਮੈਗਨੀਸ਼ੀਅਮ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਏ ਜਾਂਦੇ ਸਹਾਇਕ ਧੰਦਿਆਂ ਦੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਘਰੇਲੂ ਸਬਜ਼ੀ ਬਗੀਚੀ ਲਗਾਉਣ ਲਈ ਪੀਏਯੂ ਵੱਲੋਂ ਤਿਆਰ ਗਰਮੀ ਰੁੱਤ ਦੇ ਬੀਜਾਂ ਦੀਆਂ ਕਿੱਟਾਂ ਬਾਰੇ ਦੱਸਿਆ। ਇਸ ਮੌਕੇ ਡਾ. ਅਸ਼ੋਕ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ), ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਵੀ ਸੰਬੋਧਨ ਕੀਤਾ। ਖੇਤੀ ਮਾਹਿਰਾਂ ਨੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਸਹੀ ਸਪਰੇਅ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕ ਐੱਸਸੀ ਭਾਈਚਾਰੇ ਲਈ ਪੋਟਾਸ਼ੀਅਮ ਨਾਈਟਰ੍ਰੇਟ ਅਤੇ ਸਬਜ਼ੀਆਂ ਦੀਆਂ ਕਿੱਟਾਂ ਦੀਆਂ 75 ਪ੍ਰਦਰਸ਼ਨੀਆਂ ਵੰਡੀਆਂ।