ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਅਕਤੂਬਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਦਸਵੀਂ ਤੇ ਬਾਰਵੀਂ ਜਮਾਤ ਦੀਆਂ ਬੋਰਡ ਫੀਸਾਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਸਿੱਖਿਆ ਬੋਰਡ ਤੋਂ ਮੰਗ ਕੀਤੀ ਹੈ ਕਿ ਫੀਸਾਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਜਾਵੇ ਕਿਉਂਕਿ ਕਿਸਾਨ ਪਰਿਵਾਰ ਝੋਨੇ ਦੇ ਸੀਜ਼ਨ ਵਿੱਚ ਰੁੱਝੇ ਹੋਏ ਹਨ ਤੇ ਬਹੁਤੇ ਮਜ਼ਦੂਰਾਂ, ਛੋਟੇ ਕਿਸਾਨਾਂ ਆਦਿ ਦੇ ਬੱਚਿਆਂ ਕੋਲ ਲੋੜੀਂਦੇ ਪੈਸੇ ਨਹੀਂ ਹਨ। ਜ਼ਿਲ੍ਹਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਕਿਹਾ ਕਿ ਅਜੇ ਝੋਨੇ ਦੀ ਵੇਚ-ਵੱਟ ਦਾ ਹਿਸਾਬ ਨਹੀਂ ਹੋਇਆ। ਇਸ ਕਰਕੇ ਕਈ ਪਰਿਵਾਰਾਂ ਦੇ ਫੀਸਾਂ ਦੇਣ ਵਿੱਚ ਮੁਸ਼ਕਿਲ ਆ ਰਹੀ ਹੈ।