ਪੱਤਰ ਪ੍ਰੇਰਕ
ਸ਼ੇਰਪੁਰ, 20 ਮਈ
ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬੀਡੀਪੀਓ ਦਫ਼ਤਰ ਸ਼ੇਰਪੁਰ ਵਿਖੇ ਸਮੂਹ ਸਟਾਫ਼ ਨਾਲ ਮੀਟਿੰਗ ਕਰਕੇ ਜਿੱਥੇ ਉਨ੍ਹਾਂ ਨੂੰ ਕੰਮਕਾਰ ਕਰਦਿਆਂ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਉਥੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਤੋਰਨ ਅਤੇ ਕੰਮ-ਕਾਰ ਲਈ ਆਏ ਲੋਕਾਂ ਦੇ ਕੰਮ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਹਦਾਇਤਾਂ ਦਿੱਤੀਆਂ। ਉਧਰ, ਬੀਡੀਪੀਓ ਸ਼ੇਰਪੁਰ ਜੁਗਰਾਜ ਸਿੰਘ ਗੁੰਮਟੀ ਦੀ ਅਗਵਾਈ ਹੇਠ ਦਫ਼ਤਰੀ ਅਮਲੇ ਨੇ ਆਪਣੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਵਿਭਾਗ ਕੋਲ ਤਿੰਨ ਪੰਚਾਇਤ ਸੈਕਟਰੀ, ਅਕਾਊਂਟੈਂਟ, ਮਗਨਰੇਗਾ ਦਾ ਸੀਏ ਦੀ ਅਸਾਮੀ ਖਾਲੀ ਹੋਣ ਕਾਰਨ ਕੰਮ ਪ੍ਰਭਾਵਿਤ ਹੋ ਰਹੇ ਹਨ। ਇਸੇ ਤਰ੍ਹਾਂ ਟੈਕਨੀਕਲ ਅਸਿਸਟੈਂਟ ਦੂਰ-ਦੁਰਾਡੇ ਦਾ ਹੋਣ ਕਰਕੇ ਉਸ ਦੀ ਬਦਲੀ ਹੋਣ ਦੀ ਸੰਭਾਵਨਾ ਹੈ ਜਿਸ ਕਰਕੇ ਸਟਾਫ਼ ਦੀ ਕਮੀ ਨੂੰ ਪੂਰਾ ਕੀਤਾ ਜਾਵੇ। ਸਟਾਫ਼ ਨੇ ਵਿਧਾਇਕ ਪੰਡੋਰੀ ਦੇ ਧਿਆਨ ਵਿੱਚ ਲਿਆਂਦਾ ਕਿ ਵਿਕਾਸ ਕਾਰਜਾਂ ਲਈ ਲੋੜੀਂਦੇ ਸੀਮਿੰਟ ਸਮੇਤ ਕਈ ਹੋਰ ਵਸਤਾਂ ਦੇ ਰੇਟ ਮਾਰਕੀਟ ਵਿੱਚ ਵੱਧ ਹਨ ਪਰ ਡੀਸੀ ਰੇਟ ਘੱਟ ਹਨ ਜਿਸ ਕਰਕੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਨ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਰਪੇਸ਼ ਹਨ। ਸ੍ਰੀ ਪੰਡੋਰੀ ਨੇ ਸਾਰੇ ਮਾਮਲੇ ਹੱਲ ਕਰਵਾਏ ਜਾਣ ਦਾ ਭਰੋਸਾ ਦਿੱਤਾ।