ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 1 ਸਤੰਬਰ
ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਡੀਸੀ ਦਫ਼ਤਰ ਵਿਚ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕੀਤੀ ਗਈ।
ਸ੍ਰੀ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਪਹਿਲ ਦੇ ਆਧਾਰ ’ਤੇ ਪ੍ਰਦਾਨ ਕਰਨ। ਉਨ੍ਹਾਂ ਆਦੇਸ਼ ਦਿੱਤੇ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਲੋੜੀਂਦੇ ਬਕਾਇਆ ਦਸਤਾਵੇਜ਼ਾਂ ਦਾ ਵੀ ਜਾਇਜ਼ਾ ਲਿਆ। ਸੰਸਦ ਮੈਂਬਰ ਸ੍ਰੀ ਨੇ ਕੇਂਦਰ ਸਰਕਾਰ ਨਾਲ ਸਬੰਧਤ ਯੋਜਨਾਵਾਂ ਅਧੀਨ ਹੋ ਰਹੇ ਵਿਕਾਸ ਦੇ ਕੰਮਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ਵਾਸ਼ ਦਿਵਾਇਆ ਕਿ ਸਾਰੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸਡੀਐਮ ਕਰਨਦੀਪ ਸਿੰਘ, ਐਸਪੀ ਕੁਲਦੀਪ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ, ਰੂਪਪ੍ਰੀਤ ਕੌਰ ਸੰਧੂ, ਮੁਹੰਮਦ ਫ਼ਾਰੂਕ ਆਦਿ ਮੌਜੂਦ ਸਨ।