ਸਕੂਲ ਵਾਹਨ ਨੀਤੀ ਤਹਿਤ ਵਾਹਨਾਂ ਦੀ ਚੈਕਿੰਗ ਦੇ ਨਿਰਦੇਸ਼
ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਨੇ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨੁਮਾਇੰਦਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਧ ਤੋਂ ਵਧ ਸਕੂਲੀ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਨੇ ਅਗਲੇ ਮਹੀਨੇ ਕੀਤੀ ਜਾਣ ਵਾਲੀ ਚੈਕਿੰਗ ਬਾਬਤ ਸ਼ਡਿਊਲ ਵੀ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲਘੰਣਾ ਕਰਨ ਵਾਲਿਆਂ ਖਿਲਾਫ ਚਲਾਨ ਸਮੇਤ ਜੋ ਵੀ ਬਣਦੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਉੱਤੇ ਲੱਗਦੀਆਂ ਨਾਜਾਇਜ਼ ਰੇਹੜੀਆਂ ਫੜ੍ਹੀਆਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਟਰੈਫਿਕ ਸਬੰਧੀ ਦਿੱਕਤਾਂ ਨਾ ਆਉਣ। ਇਸ ਮੌਕੇ ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਣ, ਐੱਸਡੀਐੱਮ ਧੂਰੀ ਰਿਸ਼ਭ ਬਾਂਸਲ, ਐੱਸਡੀਐੱਮ ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਏਆਰਟੀਓ ਗੁਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।