ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਹਦਾਇਤਾਂ
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਵਿੱਚ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਮੁਸਤੈਦੀ ਨਾਲ ਨਿਗਰਾਨੀ...
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਵਿੱਚ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿੱਚ ਮੁਸਤੈਦੀ ਨਾਲ ਨਿਗਰਾਨੀ ਰੱਖਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਦੀ ਉਪਲਬਧਤਾ ਦਾ ਜਾਇਜ਼ਾ ਲੈਣਾ ਜ਼ਰੂਰੀ ਹੈ ਤਾਂ ਜੋ ਜਿੱਥੇ ਕਮੀ ਪਾਈ ਜਾਵੇ ਉੱਥੇ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਆਦੇਸ਼ ਦਿੱਤੇ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਮਸ਼ੀਨਰੀ ਦੀ ਪਿੰਡਾਂ ਅਨੁਸਾਰ ਸੂਚੀ ਤਿਆਰ ਕੀਤੀ ਜਾਵੇ। ਇਸ ਨਾਲ ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣ। ਇਨ੍ਹਾਂ ਕੈਂਪਾਂ ਰਾਹੀਂ ਪਰਾਲੀ ਤੋਂ ਗੰਢਾਂ ਤਿਆਰ ਕਰਨ ਅਤੇ ਆਧੁਨਿਕ ਉਪਕਰਣਾਂ ‘ਤੇ ਮਿਲ ਰਹੀ ਸਰਕਾਰੀ ਸਬਸਿਡੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਪਸ਼ਟ ਕੀਤਾ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਪ੍ਰਸ਼ਾਸਨ ਵੱਲੋਂ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਜਾ ਰਹੀ ਹੈ । ਜੇਕਰ ਕਿਤੇ ਵੀ ਅੱਗ ਲਗਾਉਣ ਦੀ ਘਟਨਾ ਦਰਜ ਹੁੰਦੀ ਹੈ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਅਧਿਕਾਰੀ ਆਪਣੇ ਖੇਤਰਾਂ ਵਿੱਚ ਗਸ਼ਤ ਕਰਦਿਆਂ ਥਾਣਾ ਮੁਖੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਨ। ਉਨ੍ਹਾਂ ਬੇਲਰ ਮਾਲਕਾਂ ਨੂੰ ਮਸ਼ੀਨਰੀ ਬਾਰੇ ਹਦਾਇਤਾਂ ਦਿੱਤੀਆਂ।