ਰਾਜਿੰਦਰ ਜੈਦਕਾ
ਅਮਰਗੜ੍ਹ, 1 ਸਤੰਬਰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਲੈਂਡਫੋਰਸ ਕੰਪਨੀ ਵਿੱਚ ਖੇਤੀਬਾੜੀ ਮਸ਼ੀਨਾਂ ਦੀ ਜਾਂਚ ਕੀਤੀ। ਇਸ ਮਗਰੋਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਸੰਦਾਂ ’ਤੇ ਭਾਰੀ ਸਬਸਿਡੀ ਦੇ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ। ਖੇਤੀਬਾੜੀ ਸੰਦਾਂ ’ਤੇ ਮਿਲਣ ਵਾਲੀ ਸਬਸਿਡੀ ਦਾ ਫ਼ਾਇਦਾ ਲੈ ਕੇ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਸਬਸਿਡੀ ਕਿਸਾਨ ਦੇ ਖਾਤੇ ਵਿਚ ਜਮ੍ਹਾਂ ਹੋਵੇਗੀ। ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮਦਦ ਵੀ ਦਿੱਤੀ ਜਾਵੇਗੀ।
ਇਸ ਮੌਕੇ ਲੈਂਡਫੋਰਸ ਦੇ ਐਮਡੀ ਮਲਕੀਤ ਸਿੰਘ, ਸਰਬਜੀਤ ਸਿੰਘ ਤੇ ਸਵਰਨਜੀਤ ਸਿੰਘ ਨੇ ਕਿਹਾ ਕਿ ਰੋਟਾਵੇਟਰ ਨਾਲ ਪਰਾਲੀ ਨੂੰ ਬਿਨਾਂ ਸਾੜੇ ਹੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਭਾ, ਡੀਸੀ ਸੰਯਮ ਅਗਰਵਾਲ, ਏਡੀਸੀ ਸੁਖਪ੍ਰੀਤ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਖੁਸ਼ਿਵੰਦਰ ਕੁਮਾਰ, ਡੀਐਸਪੀ ਗੁਰਇਕਬਾਲ ਸਿੰਘ ਆਦਿ ਹਾਜ਼ਰ ਸਨ।