ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 25 ਨਵੰਬਰ
ਟਰੈਫਿਕ ਇੰਚਾਰਜ ਗੁਰਮੁੱਖ ਸਿੰਘ ਲੱਡੀ ਨੇ ਟਰੈਫਿਕ ਪੁਲੀਸ ਦੀ ਟੀਮ ਸਮੇਤ ਆਵਾਜਾਈ ’ਚ ਵਿਘਨ ਪਾਉਣ ਵਾਲੇ ਵਾਹਨਾਂ ਦੇ ਚਾਲਾਨ ਕੱਟੇ। ਉਨ੍ਹਾਂ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ। ਟਰੈਫਿਕ ਪੁਲੀਸ ਨੇ ਸ਼ਹਿਰ ਅੰਦਰ ਗ਼ਲਤ ਪਾਰਕਿੰਗ ਕਰਨ ਵਾਲੀਆਂ ਗੱਡੀਆਂ ਨੂੰ ਸ਼ਿਕੰਜੇ ਲਗਾ ਕੇ ਜਾਮ ਕਰ ਦਿੱਤਾ ਅਤੇ ਉਨ੍ਹਾਂ ਦੇ ਚਲਾਨ ਕੱਟੇ। ਇਸ ਮੌਕੇ ਗੁਰਮੁੱਖ ਸਿੰਘ ਲੱਡੀ ਨੇ ਕਿਹਾ ਕਿ ਕਿਸੇ ਨੂੰ ਵੀ ਆਵਾਜਾਈ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਆਵਾਜਾਈ ’ਚ ਵਿਘਨ ਨਾ ਪਾਉਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਦੋਪਹੀਆ ਵਾਹਨ ਨਾ ਚਲਾਉਣ ਦੇਣ।