ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 30 ਜੁਲਾਈ
ਡੀਸੀ ਰਾਮਵੀਰ ਦੀ ਅਗਵਾਈ ਹੇਠ ਕੋਵਿਡ-19 ’ਤੇ ਕਾਬੂ ਪਾਉਣ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮਿਸ਼ਨ ਫ਼ਤਹਿ ਤਹਿਤ ਵਾਹਨਾਂ ਦੀ ਚੈਕਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਮੁਹਿੰਮ ਤਹਿਤ ਸਬ ਡਿਵੀਜ਼ਨਲ ਮੈਜਿਸਟਰੇਟ ਸੁਨਾਮ ਮਨਜੀਤ ਕੌਰ ਵੱਲੋਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 12 ਚਾਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ 12 ਵਾਹਨਾਂ ’ਚ ਯਾਤਰੀਆਂ ਨੇ ਮਾਸਕ ਨਹੀਂ ਪਾਏ ਹੋਏ ਸਨ ਅਤੇ ਉਨ੍ਹਾਂ ਦਾ ਮੌਕੇ ’ਤੇ ਚਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ 4 ਬੱਸਾਂ ’ਚ ਸਵਾਰ ਯਾਤਰੀ ਤੇ ਬਾਕੀ 8 ਹੋਰਨਾਂ ਸਾਧਨਾਂ ’ਤੇ ਸਵਾਰ ਸ਼ਾਮਲ ਸਨ।
ਐੱਸਡੀਐੱਮ ਮਨਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਿਹਤ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਹੁਣ ਤੱਕ ਕੋਵਿਡ ਦੇ ਮਾਮਲਿਆਂ ਨੂੰ ਕਾਬੂ ਵਿੱਚ ਰੱਖਣ ਲਈ ਕਾਫ਼ੀ ਹੱਦ ਤੱਕ ਸਫ਼ਲ ਰਹੇ ਹਾਂ ਅਤੇ ਸਾਡੇ ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਅਸੀਂ ਸਾਰੇ ਇਸ ਵਾਇਰਸ ਨੂੰ ਮਿਲ ਕੇ ਹਰਾਵਾਂਗੇ।