ਜਹਾਂਗੀਰ ਦੀ ਪੰਚਾਇਤ ਵੱਲੋਂ ਨਸ਼ਿਆਂ ਖ਼ਿਲਾਫ਼ ਮਤਾ ਪਾਸ
ਬੀਰਬਲ ਰਿਸ਼ੀ
ਸਰਪੰਚ ਬੀਬੀ ਰੁਪਿੰਦਰ ਕੌਰ ਤੇ ਸਮੂਹ ਗ੍ਰਾਮ ਪੰਚਾਇਤ ਜਹਾਂਗੀਰ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ‘ਜਹਾਂਗੀਰ’ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਲਈ ਤਾੜਨਾ ਕੀਤੀ ਹੈ। ਪਿੰਡ ਜਹਾਂਗੀਰ ਦੇ ਦਰਵਾਜੇ ਪਿੰਡ ਦੇ ਪੰਚਾਇਤੀ ਨੁੰਮਾਇੰਦਿਆਂ, ਕਿਸਾਨ ਜਥੇਬੰਦੀਆਂ ਦੇ ਚੋਣਵੇਂ ਆਗੂਆਂ ਅਤੇ ਸਮੂਹ ਪਿੰਡ ਵਾਸੀਆਂ ਨੇ ਇਕੱਤਰਤਾ ਕਰਕੇ ਫੈਸਲਾ ਕੀਤਾ ਕਿ ਪਿੰਡ ਵਿੱਚ ਨਸ਼ੇ ਵੇਚਣ ਵਾਲੇ ਦੀ ਸੂਚਨਾ ਸਿੱਧੀ ਪੁਲੀਸ ਨੂੰ ਦਿੱਤੀ ਜਾਵੇਗੀ ਅਤੇ ਪਿੰਡ ਵਿੱਚ ਨਸ਼ੇ ਦੀ ਵਿਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉੱਦਮੀ ਨੌਜਵਾਨ ਮਨਪ੍ਰੀਤ ਸਿੰਘ ਨੇ ਪੰਚਾਇਤ ਦੇ ਫ਼ੈਸਲੇ ਬਾਰੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਵੇਚਣ ਵਾਲਿਆਂ ਦੀ ਕੋਈ ਵੀ ਪਿੰਡ ਵਾਸੀ ਜ਼ਮਾਨਤ ਨਹੀਂ ਦੇਵੇਗਾ ਸਗੋਂ ਨਸ਼ੇ ਦੇ ਸੌਦਾਗਰਾਂ ਬਾਰੇ ਪੁਲੀਸ ਨੂੰ ਸੂਚਨਾ ਦਿੱਤੀ ਜਾਵੇਗੀ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਮਨਜੀਤ ਸਿੰਘ ਜਹਾਂਗੀਰ ਨੇ ਪੰਚਾਇਤ ਦੇ ਫੈਸਲੇ ਦਾ ਸਮਰਥਨ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਮੂਹ ਪਿੰਡ ਵਾਸੀਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਪੰਚਾਇਤੀ ਨੁਮਾਇੰਦੇ ਨੌਜਵਾਨ ਸੋਹਣਦੀਪ ਸਿੰਘ ਨੋਨੀ ਨੇ ਕਿਹਾ ਕਿ ਨਸ਼ੇ ਵਿਕਰੀ ਨੂੰ ਠੱਲ੍ਹਣ ਲਈ ਉਨ੍ਹਾਂ ਦੇ ਉਪਰਾਲਿਆਂ ਦੇ ਨਾਲ-ਨਾਲ ਉਹ ਪੁਲੀਸ ਕੋਲੋਂ ਵੀ ਮੰਗ ਕਰਨਗੇ ਕਿ ਕੁੱਝ ਚੋਣਵੇਂ ਥਾਵਾਂ ’ਤੇ ਗਸ਼ਤ ਵਧਾਈ ਜਾਵੇ। ਐੱਸਐੱਚਓ ਸਦਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਪਿੰਡ ਜਹਾਂਗੀਰ ਵਾਸੀਆਂ ਨੂੰ ਹਰ ਤਰਾਂ ਦੇ ਸਹਿਯੋਗ ਦਾ ਵਾਅਦਾ ਕੀਤਾ ਅਤੇ ਹੋਰਨਾ ਪਿੰਡਾਂ ਨੂੰ ਇਸ ਪਿੰਡ ਤੋਂ ਪ੍ਰੇਰਨਾ ਲੈ ਕੇ ਨਸ਼ਿਆ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਮੰਤਰੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ
ਲਹਿਰਾਗਾਗਾ (ਰਮੇਸ਼ ਭਾਰਦਵਾਜ): ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿੱਚ ਨਸ਼ਾ ਮੁਕਤੀ ਯਾਤਰਾ ਕਰਦਿਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਮਜ਼ਬੂਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। ਉਨ੍ਹਾਂ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ। ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਲਗਾਤਾਰ ਵੱਖੋ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਸਰਪੰਚ ਨਿਸ਼ਾਨ ਸਿੰਘ ਚੱਠਾ ਗੋਬਿੰਦਪੁਰਾ ਆਦਿ ਮੌਜੂਦ ਸਨ।