ਪੱਤਰ ਪ੍ਰੇਰਕ
ਲਹਿਰਾਗਾਗਾ, 17 ਫਰਵਰੀ
ਇੱਥੇ ਪੁਰਾਣੀ ਅਨਾਜ ਮੰਡੀ ’ਚ ਵੋਟਰਾਂ ਨੂੰ ਸੰਬੋਧਨ ਕਰਦਿਆ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਕਾਂਗਰਸ ਦੇ ਰਾਜ ਵਿੱਚ ਹਰ ਵਰਗ ਖੁਸ਼ਹਾਲ ਹੋਇਆ ਪਰ ਵਿਰੋਧੀ ਪਾਰਟੀਆਂ ਨੂੰ ਪੰਜਾਬ ਦਾ ਵਿਕਾਸ ਰਾਸ ਨਹੀਂ ਆ ਰਿਹਾ। ਇਸ ਕਾਰਨ ‘ਆਪ’ ਸੁਪਰੀਮੋ ਕੇਜਰੀਵਾਲ ਪੰਜਾਬ ਨੂੰ ਲੁੱਟਣਾ ਚਾਹੁੰਦਾ ਹੈ ਤੇ ਦੂਜੇ ਪਾਸੇ ਕੈਪਟਨ, ਬਾਦਲ ,ਢੀਂਡਸਾ ਤੇ ਭਾਜਪਾ ਵਾਲੇ ਸੱਤਾ ਦੇ ਭੁੱਖੇ ਹੋਏ ਪਏ ਹਨ। ਭੱਠਲ ਨੇ ਵੱਖ ਵੱਖ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਕਿਸਾਨਾਂ ਦੇ ਨਾਲ ਕੋਈ ਲਗਾਅ ਨਹੀਂ, ਭਾਜਪਾ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਹੈ। ਸੂਬੇ ਅੰਦਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਨਸ਼ੇ ਲਈ ਪੰਜਾਬ ਦੇ ਸੂਝਵਾਨ ਵੋਟਰ ਬਾਦਲ ਦਲ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ, ਕੈਪਟਨ ਅਤੇ ਢੀਂਡਸਾ ਲੋਕਾਂ ਨੂੰ ਗੁਮਰਾਹ ਕਰਨ ਲਈ ਵੱਡੇ ਵੱਡੇ ਝੂਠ ਤੇ ਜੁਮਲੇ ਬੋਲ ਕੇ ਲੋਕਾਂ ਨੂੰ ਆਪਸ ’ਚ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਡਰਾਮੇਬਾਜ਼ ਕਰਾਰ ਦਿੱਤਾ। ਇਸ ਮੌਕੇ ਓਐੱਸਡੀ ਰਵਿੰਦਰ ਸਿੰਘ ਟੁਰਨਾ, ਰਾਹੁਲਇੰਦਰ ਸਿੰਘ ਸਿੱਧੂ, ਐਡਵੋਕੇਟ ਰਜਨੀਸ਼ ਗੁਪਤਾ, ਸੰਜੀਵ ਕੁਮਾਰ ਹਨੀ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਕਸ਼ਮੀਰਾ ਸਿੰਘ ਜਲੂਰ ਵੀ ਹਾਜ਼ਰ ਸਨ।