ਸੁਭਾਸ਼ ਚੰਦਰ
ਸਮਾਣਾ, 11 ਅਗਸਤ
ਪਿਛਲੇ ਕਈ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਚੁੱਪਕੀ ਨੇੜੇ ਟੌਲ ਬੈਰੀਅਰ ’ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਿਸਾਨ ਤੇ ਕਿਸਾਨ ਬੀਬੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਬੋਲੀਆਂ ਪਾ ਕੇ ਸਰਕਾਰ ਵੱਲੋਂ ਬਣਾਏ ਕਿਸਾਨ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਨੂੰ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਕਿਸਾਨ ਬੀਬੀਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਓਨੀ ਦੇਰ ਤੱਕ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਰਹਿਣਗੇ।
ਧੂਰੀ (ਖੇਤਰੀ ਪ੍ਰਤੀਨਿਧ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ’ਤੇ ਲਾਇਆ ਧਰਨਾ ਰਾਮ ਸਿੰਘ ਦੀ ਅਗਵਾਈ ਵਿੱਚ 314ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਪਟਿਆਲਾ ਵਿਚ ਲੱਗੇ ਕਿਸਾਨੀ ਧਰਨੇ ਵਿੱਚ ਰੋਜ਼ਾਨਾ 200 ਕਿਸਾਨ ਆਗੂਆਂ ਵੱਲੋਂ ਹਾਜ਼ਰੀ ਭਰੀ ਜਾਂਦੀ ਹੈ। ਉਨ੍ਹਾਂ ਕਿਹਾ ਪਟਿਆਲਾ ਦਾ ਮੋਤੀ ਮਹਿਲ ਰੋਜ਼ਾਨਾ ਵੱਖ-ਵੱਖ ਜਥੇਬੰਦੀਆਂ ਵੱਲੋਂ ਘੇਰਿਆ ਜਾਂਦਾ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਉੱਪਰ ਵੀ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤਕ ਧਰਨੇ ਜਾਰੀ ਰਹਿਣਗੇ।
ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ, ਗੁਰਜੰਟ ਸਿੰਘ, ਕਿਰਪਾਲ ਸਿੰਘ ਧੂਰੀ, ਹਰਪਾਲ ਸਿੰਘ ਪੇਧਨੀ, ਮਨਜੀਤ ਸਿੰਘ ਜਹਾਂਗੀਰ, ਰਾਮ ਸਿੰਘ ਕੱਕੜਵਾਲ, ਸੁਖਵਿੰਦਰ ਸਿੰਘ ਪੇਧਨੀ, ਬਲਵਿੰਦਰ ਕੌਰ ਲੱਡਾ, ਸਤਨਾਮ ਕੌਰ, ਮਹਿੰਦਰ ਸਿੰਘ, ਰਾਮ ਸਿੰਘ ਵੀ ਹਾਜ਼ਰ ਸਨ।
ਸੰਤ ਲੌਂਗੋਵਾਲ ਦੀ ਬਰਸੀ ਮੌਕੇ ਸਿਆਸੀ ਕਾਨਫਰੰਸਾਂ ਦੇ ਵਿਰੋਧ ਦਾ ਫ਼ੈਸਲਾ
ਲੌਂਗੋਵਾਲ (ਜਗਤਾਰ ਸਿੰਘ ਨਹਿਲ): ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਲੌਂਗੋਵਾਲ ਵਿਚ ਹੋਈ। ਇਸ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 15 ਅਗਸਤ ਨੂੰ ਪਿੰਡ ਪੱਧਰ ’ਤੇ ਮੋਟਰਸਾਈਕਲ ਮਾਰਚ ਕੀਤੇ ਜਾਣਗੇ ਅਤੇ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੇ ਰਾਜਨੀਤਕ ਕਾਨਫਰੰਸਾਂ ਕਰਨ ਵਾਲੇ ਲੀਡਰਾਂ ਦਾ ਵਿਰੋਧ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਿੰਨਾ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਸਿਆਸੀ ਪ੍ਰੋਗਰਾਮਾਂ ਦਾ ਵਿਰੋਧ ਜਾਰੀ ਰਹੇਗਾ।