ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 4 ਜੁਲਾਈ
ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਡੀਕਰਨ ਤੋੜਨ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਮੰਡੀਕਰਨ ਖਤਮ ਕਰਨ ਅਤੇ ਫਸਲਾਂ ਦੀ ਸਰਕਾਰੀ ਖਰੀਦ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਲੋਕ ਵਿਰੋਧੀ ਆਰਡੀਨੈਂਸਾਂ ਕਾਰਨ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਹੋਏ ਹੋਰ ਕਾਰੋਬਾਰ ਬਰਬਾਦ ਹੋ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕਰੋਨਾ ਸੰਕਟ ਦੌਰਾਨ ਹੀ ਮੋਦੀ ਸਰਕਾਰ ਡੀਜ਼ਲ ਦੀਆਂ ਕੀਮਤਾਂ ਵਿੱਚ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਨ੍ਹਾਂ ਲੋਕ ਵਿਰੋਧੀ ਆਰਡੀਨੈਂਸਾਂ ਖਿਲਾਫ 20 ਜੁਲਾਈ ਨੂੰ ਸਾਰੇ ਪੰਜਾਬ ਦੇ ਐਸਡੀਐਮ ਦਫਤਰਾਂ ਵਿੱਚ ਮੰਗ ਪੱਤਰ ਦਿੱਤੇ ਜਾਣਗੇ ਅਤੇ ਕਿਸਾਨ ਆਪਣੇ ਟਰੈਕਟਰ ਸੜਕਾਂ ’ਤੇ ਲਿਆ ਕੇ ਤਿੱਖੇ ਸੰਘਰਸ਼ ਦੇ ਰਾਹ ਪੈਣਗੇ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਲੋਕ ਚੇਤਨਾ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਸਿੰਘ ਭੁਟਾਲ ਅਤੇ ਨਗਰ ਸੁਧਾਰ ਸਭਾ ਦੇ ਬੁਲਾਰੇ ਪੁਸ਼ਪਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੋਵਿਡ 19 ਦੀ ਆੜ ’ਚ ਭਾਰਤੀ ਰੇਲ ਸੇਵਾ ਨੂੰ ਅੰਸ਼ਕ ਨਿੱਜੀ ਕਾਰਪੋਰੇਟਰਾਂ ਨੂੰ ਦੇਣ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲ ਵਧਾਉਣ ਅਤੇ ਬੱਸਾਂ ਦੇ ਕਿਰਾਏ ਵਧਾਉਣ ਦੀ ਸਖਤ ਨਿਖੇਧੀ ਕੀਤੀ ਹੈ। ਇਸੇ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕੇਂਦਰ ਸਰਕਾਰ ’ਤੇ ਆਰਡੀਨੈਂਸ ਲਿਆ ਕੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਧੱਕੇਸ਼ਾਹੀ ਕਰਨ ਦਾ ਦੋਸ਼ ਲਾਇਆ ਹੈ।