ਗੁਰਨਾਮ ਸਿੰਘ ਚੌਹਾਨ
ਪਾਤੜਾਂ, 3 ਜੂਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਸਾਉਣੀ ਦੀਆਂ ਫ਼ਸਲਾਂ ਲਈ ਐਲਾਨੇ ਗਏ ਭਾਅ ਨੂੰ ਮੁੱਢੋਂ ਰੱਦ ਕਰਦਿਆਂ ਝੋਨੇ ਦੇ ਸਮਰਥਨ ਮੁੱਲ ਵਿੱਚ ਕੀਤੇ ਗਏ ਨਿਗੂਣੇ ਵਾਧੇ ਦੇ ਰੋਸ ਵਜੋਂ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪੈਂਦੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਰੋਸ ਵਿਖਾਵਾ ਕੀਤਾ। ਇਸ ਦੌਰਾਨ ਇਕੱਤਰ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫੂਕਦਿਆਂ ਨਾਅਰੇਬਾਜ਼ੀ ਕੀਤੀ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੰਜਾਬ ਦੀਆਂ 12 ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਅੱਜ ਇੱਥੇ ਐਸਡੀਐਮ ਦਫ਼ਤਰ ਲਹਿਰਾਗਾਗਾ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਮਗਰੋਂ ਐੱਸਡੀਐੱਮ ਸੂਬਾ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਰੋਨਾਵਾਇਰਸ ਪਾਜ਼ੇਟਿਵ ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰਾਂ ਨੂੰ ਭੇਜਿਆ ਜਾ ਰਿਹਾ ਹੈ ਤੇ ਸਰਕਾਰ ਬਿਜਲੀ ਬਿੱਲ 2020 ਰਾਹੀਂ ਖੇਤੀ ਮੋਟਰਾਂ ਦੇ ਬਿੱਲ ਲਾਉਣ ਦੀ ਤਿਆਰੀ ਕਰ ਰਹੀ ਹੈ ਜੋ ਨਿੰਦਣਯੋਗ ਹੈ।
ਧੂਰੀ (ਹਰਦੀਪ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਵੇਰਵੇ ਪ੍ਰੈੱਸ ਨੂੰ ਦਿੰਦਿਆਂ ਬਲਾਕ ਪ੍ਰਧਾਨ ਨਿਰਮਲ ਸਿੰਘ ਸਮੁੰਦਗੜ੍ਹ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਰੇਟ ਵਿੱਚ 53 ਰੁਪਏ ਦਾ ਕੀਤਾ ਨਿਗੂਣਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ, ਜਿਸ ਨੂੰ ਭਾਕਿਯੂ (ਰਾਜੇਵਾਲ) ਮੁੱਢੋਂ ਰੱਦ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ’ਤੇ ਮੁੜ ਨਜ਼ਰਸਾਨੀ ਕੀਤੀ ਜਾਵੇ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਕੇਂਦਰ ਸਰਕਾਰ ਵੱਲੋਂ ਸਾਉਣੀ ਦੀ ਮੁੱਖ ਫ਼ਸਲ ਜੀਰੀ ਦੇ ਸਮਰਥਨ ਮੁੱਲ ਵਿੱਚ ਕੀਤੇ ਨਿਗੂਣੇ ਸਿਰਫ 53/- ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੇ ਐਲਾਨ ਪਿੱਛੋਂ ਕਿਸਾਨਾਂ ਵਿੱਚ ਨਿਰਾਸ਼ਤਾ ਫੈਲ ਗਈ ਹੈ। ਇਸ ਉੱਤੇ ਆਪਣਾ ਪ੍ਰਤੀਕਰਮ ਦਿੰਦਿਆਂ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਹੋਣ ਦਾ ਆਪਣਾ ਆਪ ਚੁਰਾਹੇ ਭਾਂਡਾ ਭੰਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਖੇਤੀ ਨੀਤੀ ਬਾਰੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਰਿੱਟ ਪਟੀਸ਼ਨ ਪੰਜ ਜੱਜਾਂ ਵਾਲੇ ਸਵਿਧਾਨਕ ਬੈਂਚ ਕੋਲ ਵਿਚਾਰ ਅਧੀਨ ਹੈ।
ਲੌਂਗੋਵਾਲ (ਜਗਤਾਰ ਸਿੰਘ ਨਹਿਲ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਰੋਨਾਵਾਇਰਸ ਦੌਰਾਨ ਪੈਦਾ ਹੋਈਆਂ ਲੋਕ ਸਮੱਸਿਆਵਾਂ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਸਬ ਤਹਿਸੀਲ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਅਤੇ ਔਰਤਾਂ ਵੱਲੋਂ ਲਏ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਸਮਰਥਨ ਮੁੱਲ ਵਿੱਚ ਕੀਤੇ ਮਾਮੂਲੀ ਵਾਧੇ ਨੂੰ ਮੁੱਢੋਂ ਰੱਦ ਕੀਤਾ।