ਮਜ਼ਦੂਰ ਜਥੇਬੰਦੀ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਕੁੱਟਮਾਰ ਮਾਮਲੇ ’ਚ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ
Advertisement
ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਵਿੱਚ ਇਕੱਠੇ ਹੋਏ ਮਜ਼ਦੂਰ ਮੁਕਤੀ ਮੋਰਚਾ ਦੇ ਕਾਰਕੁਨਾਂ ਨੇ ਅੱਜ ਇੱਥੇ ਅਨਾਜ ਮੰਡੀ ਵਿੱਚ ਪੁਲੀਸ ਚੌਕੀ ਅੱਗੇ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਮੁਤਾਬਕ ਪਿਛਲੇ ਦਿਨੀਂ ਕੁਝ ਗਰੀਬ ਪਰਿਵਾਰਾਂ ਦੀ ਕਥਿਤ ਤੌਰ ’ਤੇ ਹੋਈ ਕੁੱਟਮਾਰ ਦੇ ਮੁਲਜ਼ਮਾਂ ਨੂੰ ਪੁਲੀਸ ਗ੍ਰਿਫਤਾਰ ਕਰਨ ਤੋਂ ਆਨਾਕਾਨੀ ਕਰ ਰਹੀ ਹੈ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਿਟੂ ਸਿੰਘ ਅਤੇ ਤਹਿਸੀਲ ਪ੍ਰਧਾਨ ਧਰਮਾਂ ਸਿੰਘ ਸੁਨਾਮ ਨੇ ਕਿਹਾ ਕਿ ਪਿਛਲੇ ਦਿਨੀਂ ਵਾਰਡ ਨੰਬਰ 21 , ਸਟੇਡੀਅਮ ਰੋਡ ਦੇ ਵਾਸੀ ਕੁਝ ਗਰੀਬ ਪਰਿਵਾਰਾਂ ਦੀ ਸ਼ਰਾਬ ਦੇ ਠੇਕੇਦਾਰਾਂ ਦੇ ਗੁੰਡਿਆਂ ਵੱਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਦਾ ਦੋਸ਼ ਲਾਉਂਦਿਆਂ ਬਿਨਾਂ ਕਿਸੇ ਸਬੂਤ ਤੋਂ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਦਾਖ਼ਲ ਕਰਵਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਪੰਜ ਦਿਨ ਬੀਤਣ ਦੇ ਬਾਵਜੂਦ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਇੱਥੋਂ ਤੱਕ ਕਿ ਪੀੜਤਾਂ ਦਾ ਬਿਆਨ ਵੀ ਦਰਜ ਨਹੀਂ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਐੱਸ ਸੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬਲਵੀਰ ਕੌਰ, ਰੋਡੀ ਕੌਰ, ਬੱਬੀ ਸਿੰਘ ਅਤੇ ਰਾਜਾ ਸਿੰਘ ਹਾਜ਼ਰ ਸਨ।
Advertisement
Advertisement
