ਹਰਦੀਪ ਸਿੰਘ ਸੋਢੀ
ਧੂਰੀ, 5 ਜੁਲਾਈ
ਇੱਕ ਪਾਸੇ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕ ਖੋਲ੍ਹ ਰਹੀ ਹੈ, ਦੂਸਰੇ ਪਾਸੇ ਧੂਰੀ ਅੰਦਰ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਿੱਚ ਸਹੂਲਤਾਂ ਦੀ ਘਾਟ ਹੈ। ਲੋਕਾਂ ਦਾ ਕਹਿਣਾ ਹੈ ਕਿ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਹੋਮਿਓਪੈਥਿਕ ਡਿਸਪੈਂਸਰੀ ਵਿੱਚ ਹਫ਼ਤੇ ਦੇ ਦੋ ਦਿਨ ਡਾਕਟਰ ਆਉਂਦਾ ਹੈ ਅਤੇ ਡਿਸਪੈਂਸਰੀ ਵਿੱਚ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਨਹੀਂ, ਮਹਿਲਾ ਪਖਾਨੇ ਅਤੇ ਸਰਕਾਰੀ ਬਿਲਡਿੰਗ ਦੀ ਹਾਲਤ ਤਰਸਯੋਗ ਬਣੀ ਹੋਈ ਹੈ।
ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਕਰਨ ਦੀ ਥਾਂ ਇਸ ਤਰ੍ਹਾਂ ਦੀਆਂ ਸਰਕਾਰੀ ਡਿਸਪੈਂਸਰੀਆਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰੇ।
ਉਨ੍ਹਾਂ ਕਿਹਾ ਕਿ ਇਸ ਡਿਸਪੈਂਸਰੀ ਵਿੱਚ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ ਪਰ ਡਿਸਪੈਂਸਰੀ ਵਿੱਚ ਸਹੂਲਤਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਬਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਮੰਗ ਪੱਤਰ ਪਾਰਟੀ ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ ਰਾਹੀਂ ਭੇਜਿਆ ਗਿਆ ਹੈ। ਇਸ ਸਬੰਧੀ ਡਿਸਪੈਂਸਰੀ ਵਿੱਚ ਮੌਜੂਦ ਡਾਕਟਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਡਿਸਪੈਂਸਰੀ ਵਿੱਚ ਸਹੂਲਤਾਂ ਦੀ ਘਾਟ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਿਆ ਹੈ।