ਹਰਦੀਪ ਸੋਢੀ
ਧੂਰੀ, 13 ਜੂਨ
ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਚੋਣ ਪ੍ਰਚਾਰ ਨੂੰ ਭਖਾਉਂਦਿਆਂ ਹਲਕਾ ਗੋਬਿੰਦਪੁਰਾ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘਰ-ਘਰ ਜਾ ਕੇ ਲੋਕਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਨੂੰ ਜਿਤਾਉਣਾ ਸਮੇਂ ਦੀ ਲੋੜ ਹੈ ਅਤੇ ਭਾਜਪਾ ਉਮੀਦਵਾਰ ਦੀ ਜਿੱਤ ਦੇ ਨਾਲ ਜਿੱਥੇ ਸੰਗਰੂਰ ਅੰਦਰ ਵੱਡੇ ਪ੍ਰੋਜੈਕਟ ਆ ਸਕਣਗੇ, ਉਥੇ ਹੀ ਹਲਕਾ ਸੰਗਰੂਰ ਦੀ ਹਰ ਛੋਟੀ-ਵੱਡੀ ਸਮੱਸਿਆ ਨੂੰ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣ ਦਾ ਰਾਹ ਵੀ ਸੁਖਾਲਾ ਹੋਵੇਗਾ। ਉਨ੍ਹਾਂ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਤੌਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਪਿਛਲੇ ਅੱਠ ਸਾਲਾਂ ਦੌਰਾਨ ਹਲਕਾ ਸੰਗਰੂਰ ਲਈ ਕੁਝ ਨਹੀਂ ਕੀਤਾ।
ਭਾਜਪਾ ਉਮੀਦਵਾਰ ਢਿੱਲੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ
ਭਵਾਨੀਗੜ੍ਹ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਖੜ੍ਹੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਇੱਥੇ ਹੋਈ ਚੋਣ ਰੈਲੀ ਦੌਰਾਨ ਸੈਂਟਰਲ ਬਾਲਮੀਕ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗਮੀ ਕਲਿਆਣ, ਵਿੱਦਿਆ ਦੇਵੀ ਐੱਮਸੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਭਾਜਪਾ ਆਗੂ ਅਰਵਿੰਦ ਖੰਨਾ, ਦੁਸ਼ਿਅੰਤ ਗੌਤਮ ਐਮਪੀ ਹਰਿਆਣਾ, ਕੌਮੀ ਪ੍ਰਧਾਨ ਗੇਜਾ ਰਾਮ, ਸੂਬਾ ਪ੍ਰਧਾਨ ਦਰਸ਼ਨ ਸਿੰਘ ਮੈਣ ਅਤੇ ਕੇਵਲ ਸਿੰਘ ਢਿੱਲੋਂ ਨੇ ਗਮੀ ਕਲਿਆਣ ਦੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਹੀ ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਕਰ ਸਕਦੀ ਹੈ।