ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਅਗਸਤ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪੱਧਰੀ ਸੱਦੇ ਤਹਿਤ ਪੰਜ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿਚ ਪਿੰਡ ਹੇੜੀਕੇ ਦੀ ‘ਡੰਮੀ’ ਬੋਲੀ ਰੱਦ ਕਰਵਾਉਣ ਅਤੇ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਐਸਸੀ ਭਾਈਚਾਰੇ ਨੂੰ 33 ਸਾਲਾ ਪਟੇ ’ਤੇ ਦੇਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਪਰਮਜੀਤ ਕੌਰ ਲੌਂਗੋਵਾਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਐੱਸਸੀ ਭਾਈਚਾਰੇ ਵੱਲੋਂ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਤੇਤੀ ਸਾਲਾ ਪਟੇ ‘ਤੇ ਲੈਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਦੇ ਨਕਸ਼ੇ ਕਦਮਾਂ ਉੱਪਰ ਚੱਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਦਲਿਤਾਂ ਨੂੰ ਜ਼ਮੀਨ ਤੋਂ ਵਾਂਝੇ ਕਰਨ ਲਈ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਹੇੜੀਕੇ ਵਿਚ ‘ਡੰਮੀ’ ਬੋਲੀ ਕਰਵਾ ਕੇ ਦਲਿਤਾਂ ਨੂੰ ਜ਼ਮੀਨ ਤੋਂ ਵਾਂਝੇ ਕਰਨਾ ਆਮ ਆਦਮੀ ਪਾਰਟੀ ਦੇ ਮਨਸੂਬੇ ਨੂੰ ਜੱਗ ਜ਼ਾਹਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਦਿਨੀਂ ਜਥੇਬੰਦੀ ਦੇ ਆਗੂਆਂ ਨਾਲ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਐੱਸਸੀ ਭਾਈਚਾਰੇ ਨੂੰ ਤਿੰਨ ਸਾਲਾ ਪਟੇ ’ਤੇ ਦੇਣ ਸੰਬੰਧੀ ਜੁਲਾਈ ਦੇ ਪਹਿਲੇ ਹਫ਼ਤੇ ਮੀਟਿੰਗ ਕਰਕੇ ਲਿਖਤੀ ਪੱਤਰ ਜਾਰੀ ਕਰਨ ਅਤੇ ਰਹਿੰਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਆਗੂਆਂ ਨਾਲ ਮੁੜ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਦਲਿਤ ਵਿਰੋਧੀ ਰਵੱਈਏ ਖ਼ਿਲਾਫ਼ ਪਿੰਡ ਹੇੜੀਕੇ ਦੀ ਡੰਮੀ ਬੋਲੀ ਰੱਦ ਕਰਵਾਉਣ ਅਤੇ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦਲਿਤਾਂ ਨੂੰ ਤੇਤੀ ਸਾਲਾ ਪਟੇ ’ਤੇ ਦਿਵਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ, ਪਟਿਆਲਾ, ਮਲੇਰਕੋਟਲਾ, ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਈ ਦਰਜਨ ਪਿੰਡਾਂ ਵਿੱਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ, ਗੁਰਵਿੰਦਰ ਸਿੰਘ ਬੌੜਾਂ , ਜਸਵੰਤ ਖੇੜੀ , ਧਰਮਵੀਰ ਹਰੀਗੜ੍ਹ, ਜਗਤਾਰ ਸਿੰਘ ਤੋਲੇਵਾਲ ਅਤੇ ਸੁਖਵਿੰਦਰ ਸਿੰਘ ਬਟੜਿਆਣਾ ਵਲੋਂ ਵੱਖ-ਵੱਖ ਥਾਈਂ ਰੋਸ ਮੁਜ਼ਾਹਰਿਆਂ ਦੀ ਅਗਵਾਈ ਕੀਤੀ।