ਨਿਜੀ ਪੱਤਰ ਪ੍ਰੇਰਕ
ਸੰਗਰੂਰ, 8 ਜੁਲਾਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ 13 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਮੀਤ ਪ੍ਰਧਾਨ ਗੁਰਵਿੰਦਰ ਬੌੜਾਂ ਨੇ ਇੱਥੇ ਗਦਰ ਮੈਮੋਰੀਅਲ ਭਵਨ ਵਿੱਚ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਲਿਤਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ , ਪਲਾਟ ਦੇਣ ਅਤੇ ਕਰਜ਼ੇ ਮੁਆਫ਼ੀ ਵਰਗੇ ਵੱਡੇ ਵੱਡੇ ਵਾਅਦੇ ਕੀਤੇ ਗਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਵਫਾ ਨਹੀਂ ਹੋਇਆ। ਦਲਿਤਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ। ਪਰਮਜੀਤ ਕੌਰ ਲੌਂਗੋਵਾਲ ਨੇ ਕਿਹਾ ਕਿ ਤੀਜੇ ਹਿੱਸੇ ਦੀਆਂ ਪੰਚਾਇਤੀ ਜ਼ਮੀਨਾਂ ਦਲਿਤਾਂ ਨੂੰ ਪੱਕੇ ਤੌਰ ’ਤੇ ਦੇਣ, ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, ਸੀਲਿੰਗ ਐਕਟ ਤੋਂ ਉਪਰਲੀਆਂ ਜ਼ਮੀਨਾਂ ਬੇਜ਼ਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਅਤੇ ਉਸਾਰੀ ਲਈ ਗਰਾਂਟ ਜਾਰੀ ਕਰਵਾਉਣ, ਮਾਈਕ੍ਰੋਫਾਇਨਾਂਸ ਕੰਪਨੀਆਂ ਸਮੇਤ ਮਜਦੂਰਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਾਲਕੀ ਹੱਕ ਲੈਣ, ਮਨਰੇਗਾ ਤਹਿਤ ਸਾਰਾ ਸਾਲ ਕੰਮ ਦੇਣ ਆਦਿ ਮੰਗਾਂ ਨੂੰ ਲੈ ਕੇ 13 ਅਗਸਤ ਨੂੰ ਪੰਜਾਬ ਭਰ ਵਿੱਚੋਂ ਵੱਡੇ ਕਾਫਲਿਆਂ ਦੇ ਰੂਪ ਵਿੱਚ ਮੋਤੀ ਮਹਿਲ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ।