ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਅੱਜ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਮੰਤਰੀ ਪੰਜਾਬ ਦੇ ਨਾਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਕੌਮੀ ਆਫ਼ਤ ਐਲਾਨ ਕੇ ਕੌਮੀ ਰਾਹਤ ਫੰਡ ਜਾਰੀ ਕਰਕੇ ਪੀੜ੍ਹਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ।ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਬੌੜਾਂ ਅਤੇ ਜ਼ੋਨਲ ਆਗੂ ਗੁਰਚਰਨ ਘਰਾਚੋਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਹੜ੍ਹਾਂ ਤੋਂ ਬਚਾਅ ਲਈ ਅਗਾਊਂ ਪ੍ਰਬੰਧ ਨਾ ਕਰਨ ਨੂੰ ਗੰਭੀਰ ਅਣਗਹਿਲੀ ਅਤੇ ਕੋਤਾਹੀ ਦਿੰਦਿਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ।ਉਨ੍ਹਾਂ ਮੰਗ ਕੀਤੀ ਕਿ ਹੜ੍ਹ ਕਾਰਨ ਇਨਸਾਨੀ ਮੌਤਾਂ, ਘਰਾਂ, ਫਸਲਾਂ ਅਤੇ ਪਸ਼ੂਆਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨੂੰ ਕੌਮੀ ਆਫ਼ਤ ਐਲਾਨ ਕੇ ਕੌਮੀ ਆਫ਼ਤ ਫੰਡ ਜਾਰੀ ਕਰਕੇ ਰਾਹਤ ਕਾਰਜਾਂ ਨੂੰ ਫੌਰੀ ਅੱਗੇ ਵਧਾਇਆ ਜਾਵੇ। ਹੜ੍ਹਾਂ ਕਾਰਨ ਹੋਈਆਂ ਇਨਸਾਨੀ ਮੌਤਾਂ ਲਈ ਘੱਟੋ-ਘੱਟ 25 ਲੱਖ ਰੁਪਏ, ਮਜ਼ਦੂਰਾਂ ਦੇ ਤਬਾਹ ਹੋਏ ਘਰਾਂ ਲਈ 15 ਲੱਖ ਰੁਪਏ, ਬਾਲੇ ਗਾਡਰਾਂ ਵਾਲੀਆਂ ਛੱਤਾਂ ਬਦਲਣ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ, ਮਰੇ ਦੁਧਾਰੂ ਪਸ਼ੂਆਂ ਲਈ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਅਤੇ ਫਸਲਾਂ-ਜ਼ਮੀਨਾਂ ਦੇ ਨੁਕਸਾਨ ਦੀ 100 ਫੀਸਦੀ ਪੂਰਤੀ ਕੀਤੀ ਜਾਵੇ, ਦਿਹਾੜੀ ਤੋਂ ਵਾਂਝੇ ਹੋਏ ਮਜ਼ਦੂਰਾਂ ਨੂੰ ਭਰਪਾਈ ਲਈ 50 ਹਜ਼ਾਰ ਰੁਪਏ ਪ੍ਰਤੀ ਮੂਆਵਜ਼ਾ ਦਿੱਤਾ ਜਾਵੇ, ਮਜ਼ਦੂਰਾਂ, ਕਿਸਾਨਾਂ ਅਤੇ ਔਰਤਾਂ ਉੱਤੇ ਚੜ੍ਹੇ ਸਾਰੇ ਕਰਜ਼ੇ ਮਾਫ਼ ਕੀਤੇ ਜਾਣ। ਹੜ੍ਹਾਂ ਕਾਰਨ ਪੈਦਾ ਹੋ ਸਕਣ ਵਾਲੀਆਂ ਬੀਮਾਰੀਆਂ ਦੀ ਅਗਾਊਂ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਜਾਣ। ਐੱਸਸੀ ਕੋਟੇ ਦੀ ਜ਼ਮੀਨ (ਜਿਸ ਉੱਤੇ ਦਲਿਤ ਭਾਈਚਾਰਾ ਖੇਤੀ ਕਰ ਰਿਹਾ ਹੈ) ਅਤੇ ਨਾਜੂਲ ਜ਼ਮੀਨਾਂ ਦਾ ਠੇਕਾ ਮਾਫ਼ ਕੀਤਾ ਜਾਵੇ ਅਤੇ ਫਸਲਾਂ ਦੇ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ।ਸੰਗਰੂਰ ’ਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੂੰ ਮੰਗ ਪੱਤਰ ਸੌਂਪਦੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ।ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਤੁਰੰਤ ਪੂਰਾ ਨਾ ਕੀਤਾ ਗਿਆ ਤਾਂ ਮੋਰਚੇ ਵੱਲੋਂ ਵੱਡੇ ਪੱਧਰ ’ਤੇ ਅੰਦੋਲਨ ਚਲਾਇਆ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਕੰਮੋ ਮਾਜਰਾ, ਬਲਵੀਰ ਸਿੰਘ ਕੰਮੋ ਮਾਜਰਾ, ਹਰਮੇਸ਼ ਸਿੰਘ ਕੰਮੋ ਮਾਜਰਾ, ਕਰਮਜੀਤ ਕੌਰ ਸੋਹੀਆਂ ਅਤੇ ਵੱਖ-ਵੱਖ ਪਿੰਡਾਂ ਦੇ ਮਜ਼ਦੂਰ ਸ਼ਾਮਲ ਸਨ।