ਕਿਸਾਨਾਂ ਨੂੰ ਤਬਾਹ ਕਰੇਗੀ ਲੈਂਡ ਪੂਲਿੰਗ ਨੀਤੀ: ਸਿੰਗਲਾ
ਆਮ ਆਦਮੀ ਪਾਰਟੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਕਥਿਤ ਭ੍ਰਿਸ਼ਟ ਅਤੇ ਵਪਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਤੂਰ ਵੱਲੋਂ ਪਾਰਟੀ ਨਾਲੋਂ ਤੋੜ ਵਿਛੋੜਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਅੱਜ ਇੱਥੇ ਤੂਰ ਪੱਤੀ ਵਿੱਚ ਆਪਣੇ ਘਰ ਸਾਦੇ ਸਮਾਗਮ ਦੌਰਾਨ ਹਰਦੀਪ ਸਿੰਘ ਤੂਰ ਨੇ ਕਿਹਾ ਕਿ ਉਸ ਨੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ‘ਆਪ’ ਵਿੱਚ ਸ਼ਾਮਲ ਹੋ ਕੇ ਸਰਗਰਮੀਆਂ ਸ਼ੁਰੂ ਕੀਤੀਆਂ ਸਨ ਪਰ ਭਗਵੰਤ ਮਾਨ ਸਰਕਾਰ ਦੀਆਂ ਕਿਸਾਨ ਵਿਰੋਧੀ ਵਪਾਰਕ ਨੀਤੀਆਂ ਕਾਰਨ ਉਸ ਵੱਲੋਂ ਉਕਤ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਨੇ ਹਰਦੀਪ ਸਿੰਘ ਤੂਰ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਸ੍ਰੀ ਸਿੰਗਲਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਕਿਸਾਨਾਂ ਸਮੇਤ ਤਮਾਮ ਕਾਰੋਬਾਰ ਨੂੰ ਤਬਾਹ ਕਰਕੇ ਰੱਖ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੀਆਂ ਵਿਕਾਸ ਮੁਖੀ ਨੀਤੀਆਂ ਸਦਕਾ ਹੁਣ ਲੋਕ ਪੂਰੇ ਉਤਸ਼ਾਹ ਨਾਲ ਪਾਰਟੀ ਨਾਲ ਜੁੜਨ ਲੱਗ ਪਏ ਹਨ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਤੂਰ, ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਜਗਤਾਰ ਨਮਾਦਾ, ਮਨਜੀਤ ਸਿੰਘ ਸੋਢੀ, ਰਾਜਿੰਦਰ ਸਿੰਘ ਸੰਘਰੇੜੀ, ਸੁਖਮਹਿੰਦਰਪਾਲ ਸਿੰਘ ਤੂਰ, ਜਰਨੈਲ ਸਿੰਘ ਘਰਾਚੋਂ ਅਤੇ ਹਰਮਨਜੀਤ ਸਿੰਘ ਆਦਿ ਹਾਜ਼ਰ ਸਨ।