ਸੀਟੂ (ਸੀ ਆਈ ਟੀ ਯੂ) ਪੰਜਾਬ ਦੇ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿੰਗੇ-ਟੇਢੇ ਢੰਗ ਨਾਲ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਸਹਿਮਤੀ ਤੋਂ ਬਗੈਰ ਮਨਮਰਜ਼ੀ ਨਾਲ ਲਾਗੂ ਕਰਨਾ ਚਾਹੁੰਦੀ ਹੈ ਪਰ ਅਜਿਹਾ ਨਹੀਂ ਹੋਣ ਦੇਵਾਂਗੇ। ਇਸ ਮੌਕੇ ਸੀਟੂ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਊਸ਼ਾ ਰਾਣੀ, ਸੂਬਾ ਜਨਰਲ ਸਕੱਤਰ ਕਾਮਰੇਡ ਮਹਾਂ ਸਿੰਘ ਰੋੜੀ ਅਤੇ ਸੀਟੂ ਵਿਚ ਮੁੜ ਸ਼ਾਮਲ ਹੋਏ ਟਰੇਡ ਯੂਨੀਅਨ ਆਗੂ ਕੁਲਵਿੰਦਰ ਸਿੰਘ ਉਡਤ ਵੀ ਮੌਜੂਦ ਸਨ।
ਕਾਮਰੇਡ ਚੰਦਰ ਸ਼ੇਖਰ ਨੇ ਪੰਜਾਬ ਸਰਕਾਰ ਦੀ ਸਖਤ ਅਲੋਚਨਾ ਕਰਦਿਆਂ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਖ਼ਤਮ ਕਰ ਕੇ ਨਵੀਂ ਲਿਆਂਦੀ ਸਕੀਮ ਜੀ ਰਾਮ ਜੀ ਖਿਲਾਫ਼ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਸੀ ਪਰ ਹੁਣ 26 ਜੂਨ ਨੂੰ ਜੀ ਰਾਮ ਜੀ ਸਕੀਮ ਦੇ ਹੱਕ ਵਿਚ ਨੋਟੀਫਿਕੇਸ਼ਨ ਜਾਰੀ ਕਰਕੇ ਸਕੀਮ ਲਾਗੂ ਕਰ ਦਿੱਤੀ ਹੈ। ਉਨ੍ਹਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਕਿਹਾ ਕਿ ਕਰਜ਼ਾ ਲੈ ਕੇ ਅਜਿਹੀ ਸਹੂਲਤ ਦੇਣਾ ਵਾਜਬ ਨਹੀਂ ਹੈ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਸੀਟੂ, ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਵਲੋਂ ਦਿੱਲੀ ਵਿਚ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿਚ ਦੇਸ਼ ਦੇ ਲੋਕਾਂ ਦੇ ਹੱਕ ਵਿਚ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ।
ਇਸ ਮੌਕੇ ਟਰੇਡ ਯੂਨੀਅਨ ਆਗੂ ਕੁਲਵਿੰਦਰ ਸਿੰਘ ਉਡਤ ਨੇ ਮੁੜ ਸੀਟੂ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ ਪਹਿਲਾਂ ਸੀਟੂ ਦੇ ਸੂਬਾ ਸਕੱਤਰੇਤ ਅਤੇ ਸੂਬਾ ਕਮੇਟੀ ਮੈਂਬਰ ਰਹਿ ਚੁੱਕੇ ਹਨ।
