ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਜੂਨ
ਮੁੱਖ ਮੰਤਰੀ ਵੱਲੋਂ ਕੋਵਿਡ-19 ਮਹਾਂਮਾਰੀ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਆਰੰਭ ਕੀਤੇ ‘ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਮਾਸਕ ਲਗਾਉਣਾ, ਆਪਸੀ ਵਿੱਥ, ਹੱਥਾਂ ਦੀ ਸਫਾਈ, ਜਨਤਕ ਥਾਂਵਾਂ ’ਤੇ ਨਾ ਥੁੱਕਣਾ ਅਤੇ ਗ਼ੈਰ ਜ਼ਰੂਰੀ ਸਫ਼ਰ ਤੋਂ ਗੁਰੇਜ਼ ਕਰਕੇ ਵਾਇਰਸ ਦੀ ਲਾਗ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੋਰੋਨਾ ਯੋਧਿਆਂ ਲਈ ਬਣਾਏ ਗਏ ਬੈਜ ਜਾਰੀ ਕੀਤੇ ਅਤੇ ਪੱਤਰਕਾਰਾਂ ਨੂੰ ਬੈਜ ਲਾ ਕੇ ਸਨਮਾਨਿਤ ਵੀ ਕੀਤਾ।
ਏਡੀਸੀ (ਜਨਰਲ) ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ 15 ਜੂਨ ਤੋਂ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਹਰੇਕ ਕੋਰੋਨਾ ਯੋਧੇ ਦਾ ‘ਮਿਸ਼ਨ ਫਤਿਹ‘ ਬੈਜ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਅਤੇ ਡੀਪੀਆਰਓ ਇਸ਼ਿਵੰਦਰ ਗਰੇਵਾਲ ਵੀ ਹਾਜ਼ਰ ਸਨ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਜ਼ਿਲ੍ਹੇ ’ਚ ਮਿਸ਼ਨ ਫ਼ਤਿਹ ਤਹਿਤ ਕੋਵਿਡ ਤੋਂ ਬਚਾਅ ਲਈ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇੱਕ ਵੱਡੀ ਮੁਹਿੰਮ ਦਾ ਆਗਾਜ਼ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਕੀਤਾ ਗਿਆ। ਪੱਤਰਕਾਰ ਸੰਮੇਲਨ ਦੌਰਾਨ ਡਿਪਟੀ ਕਮਿਸ਼ਨਰ ਨੇ 15 ਜੂਨ ਤੋਂ ਸ਼ੁਰੂ ਹੋਣ ਵਾਲੀਆਂ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਕਰੋਨਾ ਯੋਧਿਆਂ ਨੂੰ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕਰੋਨਾ ਯੋਧਿਆਂ ਵਲੋਂ ਇਹ ਬੈਜ ਲਗਾ ਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ੍ਹਾਂ ਕਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲੀਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਲ ਹੋਣਗੇ। 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕਰਕੇ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। ਇਸੇ ਤਰ੍ਹਾਂ 17, 18, 19 20 ਜੂਨ ਦੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ ’ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ’ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਲ੍ਹਿਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਮੁਕਾਬਲੇ ਵਿਚ ਭਾਗ ਲੈਣ ਲਈ ਕੋਵਾ ਐਪ ’ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।