ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਅਕਤੂਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨਾਲ਼ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਰੱਦ ਕਰਨ ਦੇ ਵਿਰੋਧ ’ਚ ਖੰਡੇਬਾਦ-ਕਾਲਬੰਜਾਰਾ ਵਿਖੇ ਮੁੱਖ ਮੰਤਰੀ ਦੇ ਉਦਘਾਟਨ ਸਮਾਗਮ ਸਮੇਂ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਿੱਕਰ ਸਿੰਘ ਹਥੋਆ ਅਤੇ ਪਰਮਜੀਤ ਕੌਰ ਲੌਂਗੋਵਾਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ੋਰਾ ਸਿੰਘ ਨਸਰਾਲੀ ਅਤੇ ਹਰਭਗਵਾਨ ਮੂਨਕ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਆਗੂ ਪ੍ਰਗਟ ਸਿੰਘ ਕਾਲਾਝਾੜ ਤੇ ਲਖਵੀਰ ਸਿੰਘ ਲੌਂਗੋਵਾਲ, ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ ਅਤੇ ਗੁਰਨਾਮ ਸਿੰਘ ਦਾਊਦ, ਮਜ਼ਦੂਰ ਮੁਕਤੀ ਮੋਰਚਾ ਦੇ ਬਿੱਟੂ ਸਿੰਘ ਖੋਖਰ, ਪੇਂਡੂ ਮਜ਼ਦੂਰ ਯੂਨੀਅਨ ਦੇ ਮੰਗਾ ਸਿੰਘ ਵੈਰੋਕੇ ਨੇ ਦੱਸਿਆ ਕਿ ਜਿੱਥੇ ਪੰਜਾਬ ਵਿੱਚ ਪਿਛਲੇ ਸਮੇਂ ਅਕਾਲੀ ਕਾਂਗਰਸੀ ਸਰਕਾਰਾਂ ਨੇ ਪੇਂਡੂ ਤੇ ਖੇਤ ਮਜ਼ਦੂਰਾਂ ਨਾਲ ਵਿਤਕਰੇਬਾਜ਼ੀ ਕੀਤੀ ਉਥੇ ਆਪ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਪੇਂਡੂ ਅਤੇ ਖੇਤ ਮਜ਼ਦੂਰਾਂ ਨੇ ਪ੍ਰਦਸ਼ਨ ਮਗਰੋਂ ਉਦਘਾਟਨ ਵਾਲੀ ਫੈਕਟਰੀ ਦੇ ਮੁੱਖ ਗੇਟ ਸਾਹਮਣੇ ਧਰਨਾ ਲਗਾ ਦਿੱਤਾ। ਫੈਕਟਰੀ ਦੇ ਮੁੱਖ ਗੇਟ ਅੱਗੇ ਜੁੜੇ ਇਕੱਠ ਵਿੱਚ ਬੁਲਾਰਿਆਂ ਨੇ ਦੋਸ਼ ਲਾਇਆ ਕਿ ਸ੍ਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਸਤੰਬਰ ਨੂੰ ਲਾਏ ਤਿੰਨ ਰੋਜ਼ਾ ਮੋਰਚੇ ਸਮੇਂ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ਼ 3 ਅਕਤੂਬਰ ਦੀ ਮੀਟਿੰਗ ਰੱਖੀ ਗਈ ਸੀ, ਜਿਸ ਨੂੰ ਬਦਲਵੀਂ ਤਰੀਕ ਦਿੱਤੇ ਬਿਨਾਂ ਹੀ ਰੱਦ ਕਰ ਦਿੱਤਾ ਗਿਆ।