ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਅਗਸਤ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਵਫ਼ਦ ਨੇ ਪਸ਼ੂਆਂ ’ਚ ਫੈਲੀ ਲੰਪੀ ਸਕਿਨ ਬਿਮਾਰੀ ਅਤੇ ਨਕਲੀ ਕੀੜੇਮਾਰ ਦਵਾਈਆਂ ਦੀ ਵਿਕਰੀ ’ਤੇ ਫੌਰੀ ਰੋਕਥਾਮ ਲਾਉਣ ਲਈ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਗਦੀਸ਼ ਸਿੰਘ ਚੌਂਦਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਰਾਹੀਂ ਭੇਜਿਆ। ਕਿਸਾਨ ਯੂਨੀਅਨ ਦੇ ਵਫ਼ਦ ਤੋਂ ਇਹ ਪੱਤਰ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਪ੍ਰਾਪਤ ਕੀਤਾ। ਇਸ ਮੌਕੇ ਕਿਸਾਨ ਆਗੂ ਜਗਦੀਸ਼ ਸਿੰਘ ਚੌਂਦਾ, ਭੁਪਿੰਦਰ ਸਿੰਘ ਬਨਭੌਰਾ ਅਤੇ ਨਰਿੰਦਰ ਸਿੰਘ ਅਮਾਮਗੜ੍ਹ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ’ਚ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਭੇਜ ਕੇ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਜਾਗਰੂਕ ਕਰਵਾਏ, ਇਸ ਬਿਮਾਰੀ ਦੀ ਦਵਾਈ ਮੁਹੱਈਆ ਕਰਵਾਏ, ਮ੍ਰਿਤਕ ਪਸ਼ੂਆਂ ਦੇ ਪਾਲਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਸੜਕਾਂ ਦੇ ਖ਼ਤਾਨਾਂ ’ਤੇ ਪਸ਼ੂ ਚਾਰਨ ’ਤੇ ਪਾਬੰਦੀ ਲਾਈ ਜਾਵੇ। ਆਗੂਆਂ ਨੇ ਕਿਹਾ ਕਿ ਮੌਸਮ ਕਾਰਨ ਝੋਨੇ ਦੀ ਫ਼ਸਲ ’ਤੇ ਬਿਮਾਰੀ ਲੱਗਣੀ ਸ਼ੁਰੂ ਹੋ ਗਈ ਹੈ, ਪਰ ਕਈ ਦੁਕਾਨਦਾਰ ਗ਼ੈਰਮਿਆਰੀ ਕੀੜੇਮਾਰ ਦਵਾਈਆਂ ਵੇਚ ਰਹੇ ਹਨ। ਇਸ ਲਈ ਸਰਕਾਰ ਖੇਤੀਬਾੜੀ ਵਿਭਾਗ ਨੂੰ ਅਜਿਹੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਹਦਾਇਤ ਕਰੇ।