‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ਮੌਕੇ ਸੰਗਤ ਭਾਵੁਕ
ਗੁਰੂ ਤੇਗ ਬਹਾਦਰ ਦੇ ਜੀਵਨ ਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਂਦੇ ਸ਼ੋਅ ਦੇਖਣ ਪੁੱਜੇ ਵੱਡੀ ਗਿਣਤੀ ਲੋਕ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਨੌਵੇਂ ਪਾਤਸ਼ਾਹ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ‘ਹਿੰਦ ਦੀ ਚਾਦਰ’ ਦੀ ਪੇਸ਼ਕਾਰੀ ਅੱਜ ਸ਼ਾਮ ਨੂੰ ਇਥੇ ਸਰਕਾਰੀ ਰਣਬੀਰ ਕਾਲਜ ਵਿਖੇ ਕੀਤੀ ਗਈ ਜਿਸ ਨੇ ਵੱਡੀ ਗਿਣਤੀ ਸੰਗਤ ਨੂੰ ਭਾਵੁਕ ਕੀਤਾ।
‘ਹਿੰਦ ਦੀ ਚਾਦਰ’ ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਢਾਡੀ ਸੁਖਦੇਵ ਸਿੰਘ ਬਲੱਗਣ ਦੇ ਜਥੇ ਨੇ ਵਾਰਾਂ ਦੇ ਗਾਇਨ ਨਾਲ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ।
ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਪੁਰਬ ਨੂੰ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ ’ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ। ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ ‘ਹਿੰਦ ਦੀ ਚਾਦਰ’ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਆਦਿ ਮੌਜੂਦ ਸਨ।
ਮਾਲੇਰਕੋਟਲਾ ’ਚ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ/ ਪਰਮਜੀਤ ਕੁਠਾਲਾ): ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਡੀ ਸੀ ਵਿਰਾਜ ਐੱਸ ਤਿੜਕੇ ਨੇ ਦੱਸਿਆ ਕਿ ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਡਿਜੀਟਲ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਬਲੀਦਾਨ ਨੂੰ ਰੂਪਮਾਨ ਕਰੇਗਾ। ਡਿਪਟੀ ਕਮਿਸ਼ਨਰ ਮੁਤਾਬਕ ਸ਼ਾਮ 6 ਵਜੇ ਤੋਂ ਹਰੇਕ ਨਾਗਰਿਕ ਲਈ ਇਸ ਸ਼ੋਅ ਵਿਚ ਮੁਫ਼ਤ ਅਤੇ ਖੁੱਲ੍ਹਾ ਦਾਖ਼ਲਾ ਹੋਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸ਼ੋਅ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਲਈ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਸੁਰੱਖਿਆ, ਆਵਾਜਾਈ ਪ੍ਰਬੰਧਨ, ਸਾਫ਼-ਸਫ਼ਾਈ, ਪਾਰਕਿੰਗ, ਬੈਰੀਕੇਡਿੰਗ, ਬਿਜਲੀ ਸਪਲਾਈ, ਮੈਡੀਕਲ ਟੀਮਾਂ, ਫਾਇਰ ਸੇਫਟੀ, ਪੀਣ ਵਾਲਾ ਪਾਣੀ ਅਤੇ ਪ੍ਰਚਾਰ ਆਦਿ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਡਿਪਟੀ ਕਮਿਸ਼ਨਰ ਵੱਲੋਂ ਬੁਲਾਈ ਤਿਆਰੀ ਮੀਟਿੰਗ ਵਿੱਚ ਐੱਸ ਐੱਸ ਪੀ ਗਗਨ ਅਜੀਤ ਸਿੰਘ, ਏ ਡੀ ਸੀ (ਵਿਕਾਸ) ਰਿੰਪੀ ਗਰਗ, ਐੱਸ ਪੀ ਗੁਰਸ਼ਰਨਜੀਤ ਸਿੰਘ, ਐੱਸ ਡੀ ਐੱਮ ਮਾਲੇਰਕੋਟਲਾ-ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐੱਸ ਡੀ ਐੱਮ ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਪ੍ਰਿੰਸੀਪਲ ਸਰਕਾਰੀ ਕਾਲਜ ਡਾ. ਅਨੀਲਾ ਸੁਲਤਾਨਾ ਆਦਿ ਮੌਜੂਦ ਸਨ।

