ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਗਸਤ
ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951 ਅਤੇ ਵੋਟਰ ਰਜਿਸਟ੍ਰੇਸ਼ਨ ਰੂਲਜ਼ 1960 ਵਿੱਚ ਕੁਝ ਸੋਧ ਕਰਦਿਆਂ ਅਧਿਸੂਚਨਾ ਜਾਰੀ ਕੀਤੀ ਗਈ ਹੈ। ਇਨ੍ਹਾਂ ਸੋਧਾਂ ਤਹਿਤ ਨੌਜਵਾਨ ਵਰਗ ਦੀ ਲੋਕਤੰਤਰ ਵਿੱਚ ਭਾਗੀਦਾਰੀ ਵਧਾਉਣ ਦੇ ਮਕਸਦ ਨੂੰ ਪੂਰਾ ਕਰਨ ਸਬੰਧੀ ਹੁਣ 17 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਅਗਲੇ ਸਾਲ ਦੀ ਯੋਗਤਾ ਮਿਤੀ 1 ਜਨਵਰੀ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਸੋਧ ਅਨੁਸਾਰ ਹੁਣ ਸਾਲ ਵਿੱਚ ਕੁੱਲ ਚਾਰ ਵਾਰ (1 ਜਨਵਰੀ, 1 ਅਪਰੈਲ, 1 ਜੁਲਾਈ ਅਤੇ 1 ਅਕਤੂਬਰ) ਤੱਕ ਦੀ ਯੋਗਤਾ ਮਿਤੀ ਦੇ ਆਧਾਰ ’ਤੇ ਆਮ ਜਨਤਾ ਤੇ ਵੋਟਰਾਂ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾ ਸਕਣਗੇ। ਇਕ ਅਗਸਤ ਤੋਂ ਪਹਿਲਾਂ ਤੋਂ ਦਰਜ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਦਾ ਡਾਟਾ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।