ਜਗਤਾਰ ਸਿੰਘ ਨਹਿਲ
ਲੌਂਗੋਵਾਲ, 14 ਜੁਲਾਈ
ਖੁ਼ਦਕੁਸ਼ੀ ਲਈ ਉਸਾਉਣ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਥਾਣਾ ਲੌਂਗੋਵਾਲ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ ਅਤੇ ਕੁਝ ਮਿੰਟਾਂ ਲਈ ਥਾਣੇ ਦੇ ਮੁੱਖ ਗੇਟ ਨੂੰ ਜਿੰਦਰਾ ਵੀ ਲਾਇਆ ਗਿਆ।
ਇਸ ਮੌਕੇ ਕਿਸਾਨ ਆਗੂ ਇਕਾਈ ਸਤੀਪੁਰਾ ਦੇ ਪ੍ਰਧਾਨ ਕਰਮਜੀਤ ਸਿੰਘ, ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਭਜਨ ਸਿੰਘ ਢੱਡਰੀਆਂ ਤੇ ਸੁਖਦੇਵ ਸਿੰਘ ਉਭਾਵਾਲ ਨੇ ਦੱਸਿਆ ਕਿ ਪਿੰਡ ਸਤੀਪੁਰਾ (ਲੌਂਗੋਵਾਲ) ਦੇ ਗੋਬਿੰਦਰ ਸਿੰਘ ਪੁੱਤਰ ਜਗੀਰ ਸਿੰਘ ਦਾ ਪਿੰਡ ਦੇ ਹੀ ਉੱਤਮ ਸਿੰਘ ਨਾਲ ਜ਼ਮੀਨ ਦੇ ਬਿਆਨੇ ਸਬੰਧੀ ਮਾਮਲਾ ਥਾਣਾ ਲੌਂਗੋਵਾਲ ਕੋਲ ਸੀ। ਪੁਲੀਸ ਪ੍ਰਸ਼ਾਸਨ ਵੱਲੋਂ ਉਕਤ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਸਬੰਧਿਤ ਵਿਅਕਤੀਆਂ ਵੱਲੋਂ ਗੋਬਿੰਦਰ ਸਿੰਘ ਨੂੰ ਉਸ ਦੇ ਪੈਸੇ ਵਾਪਸ ਕੀਤੇ ਗਏ। ਲਾਰੇ-ਲੱਪੇ ਤੋਂ ਤੰਗ ਆ ਕੇ ਅਤੇ ਆਪਣਾ ਮਸਲਾ ਹੱਲ ਨਾ ਹੁੰਦਾ ਦੇਖ ਕੇ ਗੋਬਿੰਦਰ ਸਿੰਘ ਨੇ ਪਿਛਲੇ ਦਿਨੀਂ ਆਤਮਹੱਤਿਆ ਕਰ ਲਈ ਸੀ, ਜਿਸ ਸੰਬੰਧੀ ਥਾਣਾ ਲੌਂਗੋਵਾਲ ਵਿੱਚ ਤਿੰਨ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪ੍ਰੰਤੂ ਪੁਲੀਸ ਵੱਲੋਂ ਕਈ ਦਿਨ ਬੀਤ ਜਾਣ ’ਤੇ ਵੀ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਇਕਾਈ ਸਤੀਪੁਰਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਜ ਥਾਣਾ ਲੌਂਗੋਵਾਲ ਦੇ ਮੁੱਖ ਗੇਟ ਦਾ ਘਿਰਾਓ ਕਰਕੇ ਧਰਨਾ ਲਾਇਆ ਗਿਆ ਅਤੇ 15 ਮਿੰਟ ਤੱਕ ਥਾਣੇ ਦੇ ਗੇਟ ਨੂੰ ਜਿੰਦਰਾ ਵੀ ਲਗਾ ਕੇ ਰੱਖਿਆ। ਇਸ ਤੋਂ ਬਾਅਦ ਥਾਣਾ ਮੁਖੀ ਜਗਮੇਲ ਸਿੰਘ ਨੇ ਆ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੱਲ੍ਹ ਤੱਕ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਗ੍ਰਿਫਤਾਰ ਕਰ ਲਿਆ ਜਾਵੇਗਾ।
ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਲ੍ਹ ਤੱਕ ਗ੍ਰਿਫ਼ਤਾਰੀ ਨਾ ਹੋਈ ਤਾਂ ਤਿੱਖਾ ਐਕਸ਼ਨ ਕੀਤਾ ਜਾਵੇਗਾ। ਅੱਜ ਦੇ ਧਰਨੇ ਨੂੰ ਬੀਕੇਯੂ ਡਕੌਂਦਾ ਦੇ ਆਗੂ ਭੋਲਾ ਸਿੰਘ, ਦਰਬਾਰਾ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਕਰਮ ਸਿੰਘ ਜੈਦ ਅਤੇ ਔਰਤ ਵਿੰਗ ਦੇ ਆਗੂ ਜਸਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ।