ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਜ਼ਿਲ੍ਹਾ ਸੰਗਰੂਰ ਅੰਦਰ ਲੰਪੀ ਸਕਿਨ ਰੋਗ ਦੀ ਲਪੇਟ ਵਿੱਚ ਆਏ ਪਸ਼ੂਆਂ ’ਚੋਂ ਹੁਣ ਤੱਕ 1105 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ ਜਦਕਿ 5277 ਪਸ਼ੂ ਅਜੇ ਵੀ ਬਿਮਾਰੀ ਦੀ ਲਪੇਟ ਵਿੱਚ ਹਨ ਜਿਨ੍ਹਾਂ ਦਾ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 21 ਹਜ਼ਾਰ ਪਸ਼ੂਆਂ ਨੂੰ ਵੈਕਸੀਨ ਲਾਈ ਜਾ ਚੁੁੱਕੀ ਹੈ ਜਦੋਂਕਿ 2300 ਪਸ਼ੂ ਇਲਾਜ ਦੌਰਾਨ ਬਿਮਾਰੀ ਮੁਕਤ ਹੋ ਕੇ ਤੰਦਰੁਸਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਕੰਟਰੋਲ ਹੇਠ ਹੈ ਅਤੇ ਹੁਣ ਨਵੇਂ ਕੇਸ ਨਹੀਂ ਆ ਰਹੇ। ਬਿਮਾਰੀ ਤੋਂ ਪੀੜਤ ਪੁਰਾਣੇ ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਵਿਭਾਗ ਵਲੋਂ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ ਅਤੇ ਇਹ ਮਨੁੱਖਾਂ ਲਈ ਨੁਕਸਾਨਦੇਹ ਨਹੀਂ ਹੈ। ਉਨ੍ਹਾਂ ਇਸ ਰੋਗ ਦੇ ਫ਼ੈਲਣ ਤੋਂ ਬਾਅਦ ਚੱਲੀਆਂ ਵੱਖ-ਵੱਖ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਹਾਲੇ ਤੱਕ ਇੱਕ ਵੀ ਕੇਸ ਅਜਿਹਾ ਸਾਹਮਣੇ ਨਹੀਂ ਆਇਆ, ਜਿਸ ਤੋਂ ਇਹ ਪੁਸ਼ਟੀ ਹੁੰਦੀ ਹੋਵੇ ਕਿ ਇਹ ਬਿਮਾਰੀ ਪਸ਼ੂਆਂ ਤੋਂ ਮਨੁੱਖਾਂ ਨੂੰ ਲੱਗਦੀ ਹੈ। ਉਨ੍ਹਾਂ ਪਸ਼ੂ ਪਾਲਕਾਂ ਅਤੇ ਡੇਅਰੀ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪੀੜਤ ਪਸ਼ੂਆਂ ਦਾ ਪੂਰਾ ਧਿਆਨ ਰੱਖਣ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਜ ਕਰਵਾਉਣ। ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਨਿਰੰਤਰ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਵਿੱਚ ਲੱਗੀਆਂ ਹੋਈਆਂ ਹਨ। ਵਿਭਾਗ ਵੱਲੋਂ ਗਊਸ਼ਾਲਾਵਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪ੍ਰਬੰਧਕਾਂ ਨੂੰ ਪਸ਼ੂਆਂ ਦੇ ਬਚਾਅ ਤੇ ਬਿਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਕਿਹਾ ਕਿ ਵਿਭਾਗ ਕੋਲ ਦਵਾਈਆਂ ਅਤੇ ਟੀਕਿਆਂ ਦੀ ਕੋਈ ਘਾਟ ਨਹੀਂ ਅਤੇ ਸਰਕਾਰ ਪਾਸੋਂ ਸਪਲਾਈ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬਿਮਾਰ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਰੱਖਿਆ ਜਾਵੇ, ਬਾਹਰ ਨਾ ਲਿਜਾਇਆ ਜਾਵੇ ਅਤੇ ਪਸ਼ੂ ਮਾਹਿਰਾਂ ਪਾਸੋਂ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ।