ਭਵਾਨੀਗੜ੍ਹ: ਗਊਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਅੱਜ ਨੇੜਲੇ ਪਿੰਡ ਘਰਾਚੋਂ ਵਿੱਚ ਡਾ. ਸੁਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸੰਗਰੂਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਡਾ. ਹਰਬੰਸ ਸਿੰਘ ਭਿੰਡਰ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕੈਂਪ ਦੌਰਾਨ ਮਾਹਰ ਡਾਕਟਰਾਂ ਨੇ ਪਸ਼ੂ ਪਾਲਕਾਂ ਨੂੰ ਲੰਪੀ ਸਕਿਨ ਬਿਮਾਰੀ ਸਬੰਧੀ ਜਾਗਰੂਕ ਕੀਤਾ ਅਤੇ ਪਸ਼ੂਆਂ ਦੇ ਵੈਕਸੀਨ ਵੀ ਲਗਾਈ ਗਈ। ਪਿੰਡ ਦੀ ਪੰਚਾਇਤ ਵੱਲੋਂ ਵੈਕਸੀਨ ਲਈ 25 ਹਜ਼ਾਰ ਰੁਪਏ ਅਤੇ ਪਿੰਡ ਵਾਸੀ ਗੋਗੀ ਜੈਰੀ ਵੱਲੋਂ 10 ਹਜ਼ਾਰ ਰੁਪਏ ਦੀ ਸਹਾਇਤਾ ਕੀਤੀ ਗਈ। -ਪੱਤਰ ਪ੍ਰੇਰਕ