ਮਾਨ ਨੇ ਹੜ੍ਹਾਂ ਦੇ ਝੰਭੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 23 ਜੁਲਾਈ
ਸੰਗਰੂਰ ਸੰਸਦੀ ਹਲਕੇ ਤੋਂ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਖਨੌਰੀ ਨੇੜਲੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਰੀਬ ਚਾਰ ਮਹੀਨੇ ਪਹਿਲਾਂ ਉਨ੍ਹਾਂ ਵੱਲੋਂ ਸਰਕਾਰ ਨੂੰ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧ ਕਰਨ ਲਈ ਪੱਤਰ ਲਿਖੇ ਸਨ ਪਰ ਪੰਜਾਬ ਸਰਕਾਰ ਵੱਲੋਂ ਅਣਗਹਿਲੀ ਵਰਤੀ ਗਈ ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕ ਭੁਗਤ ਰਹੇ ਹਨ। ਸ੍ਰੀ ਮਾਨ ਨੇ ਕਿਹਾ,‘ਪੰਜਾਬ ਸਰਕਾਰ ਖ਼ਿਲਾਫ਼ ਅਸੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰ ਦਿੱਤੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਆਪਣੇ ਪੱਧਰ ’ਤੇ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਘੱਗਰ ਦਾ ਮੁੱਦਾ ਦੇਸ਼ ਦੀ ਸੰਸਦ ਵਿੱਚ ਉਠਾਇਆ ਜਾਵੇਗਾ ਤਾਂ ਜੋ ਘੱਗਰ ਦਾ ਸਥਾਈ ਹੱਲ ਹੋ ਸਕੇ। ਸ੍ਰੀ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ ਹੈ ਅਤੇ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਸੰਕਟ ਦੀ ਘੜੀ ’ਚ ਲੋਕਾਂ ਦੇ ਨਾਲ ਖੜ੍ਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਾਣੀ ਤੋਂ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਲਈ ਅਤੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਡਾਕਟਰਾਂ ਦੀਆਂ ਟੀਮਾਂ ਭੇਜੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਸੀਬਤ ’ਚ ਮੁੱਖ ਮੰਤਰੀ ਪੰਜਾਬ ਨੂੰ ਲੋਕਾਂ ਨਾਲ ਖੜ੍ਹਨਾ ਚਾਹੀਦਾ ਹੈ, ਨਾ ਕਿ ਆਪਣੀ ਪਾਰਟੀ ਦੀਆਂ ਤਾਰੀਫ਼ਾਂ ਕਰਨ ਲਈ ਹੋਰ ਰਾਜਾਂ ਵਿਚ ਘੁੰਮਣਾ ਚਾਹੀਦਾ ਹੈ। ਇਸ ਮੌਕੇ ਗੋਬਿੰਦ ਸਿੰਘ, ਸਾਬਕਾ ਕੌਂਸਲਰ ਅਰੁਣ ਗੋਇਲ, ਗੁਰਬਖਸ਼ ਸਿੰਘ ਗੁਰਨੇ, ਦਿਲਾਵਰ ਖਾਨ, ਜਮੀਨ ਖਾਨ, ਮਾਸਟਰ ਧਰਮ ਪਾਲ, ਗੀਤਾ ਰਾਮ ਬਨਾਰਸੀ ਅਤੇ ਖਨੌਰੀ ਪਿੰਡ ਦੇ ਮੋਹਤਬਰ ਮੌਜੂਦ ਸਨ।