ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਅਗਸਤ
ਪੰਜਾਬ ਸਰਕਾਰ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਖਫ਼ਾ ਮਗਨਰੇਗਾ ਮੁਲਾਜ਼ਮਾਂ ਵੱਲੋਂ ਅਜ਼ਾਦੀ ਦਿਵਸ ਨੂੰ ਗੁਲਾਮੀ ਦਿਵਸ ਵਜੋਂ ਮਨਾਇਆ ਅਤੇ ਕਾਲੇ ਝੰਡੇ ਹੱਥਾਂ ਵਿਚ ਫੜ ਕੇ ਬੀਡੀਪੀਓ ਦਫ਼ਤਰ ਤੋਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਂਕ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਗਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਅਤੇ ਵਿਤ ਸਕੱਤਰ ਅਮਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਤੇਰਾਂ ਸਾਲਾਂ ਤੋਂ ਨਰੇਗਾ ਮੁਲਾਜ਼ਮ ਬਹੁਤ ਹੀ ਘੱਟ ਤਨਖਾਹਾਂ ਤੇ ਅਫ਼ਸਰਸ਼ਾਹੀ ਦੀ ਮਾਰ ਝੱਲਦਿਆਂ ਸੇਵਾਵਾਂ ਨਿਭਾ ਰਹੇ ਹਨ। ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਅਨੇਕਾਂ ਵਾਰ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿੱਚ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਦੀ ਤਰਜ਼ ਤੇ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਗਿਆ ਪਰ ਅੱਜ ਤੱਕ ਮੁਲਾਜ਼ਮਾਂ ਦੇ ਹੱਕ ਵਿੱਚ ਵਿਭਾਗ ਨੇ ਇੱਕ ਅੱਖਰ ਵੀ ਨਹੀਂ ਲਿਖਿਆ। ਉਨ੍ਹਾਂ ਦੇ ਧਰਨਿਆਂ ਨੂੰ ਵਿਭਾਗ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।