ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਗਸਤ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ ਜ਼ਿਲ੍ਹਾ ਭਰ ਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਸ਼ਹਿਰ ਦੇ ਵੱਡੇ ਚੌਕ ਵਿੱਚ ਪ੍ਰਦਰਸ਼ਨ ਕੀਤਾ ਗਿਆ। ਬੀਤੀ 9 ਜੁਲਾਈ ਤੋਂ ਕੰਮਕਾਜ ਠੱਪ ਕਰਕੇ ਹੜਤਾਲ ’ਤੇ ਚੱਲ ਰਹੇ ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।
ਮਗਨਰੇਗਾ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਤਾਦਾਦ ’ਚ ਨਰੇਗਾ ਮੁਲਾਜ਼ਮ ਅੱਜ ਬਨਾਸਰ ਬਾਗ ਵਿੱਚ ਪੁੱਜੇ ਜਿਥੇ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਵਰ੍ਹਦੇ ਮੀਂਹ ਵਿੱਚ ਮਗਨਰੇਗਾ ਮੁਲਾਜ਼ਮਾਂ ਵੱਲੋਂ ਆਪਣੇ ਹੱਥਾਂ ਵਿੱਚ ਮੰਗਾਂ ਦੇ ਪੋਸਟਰ ਅਤੇ ਤਖਤੀਆਂ ਫੜ ਕੇ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਵੱਡੇ ਚੌਕ ਵਿੱਚ ਖੜ੍ਹ ਕੇ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕੀਤਾ।
ਸੂਬਾਈ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਧੀਮਾਨ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਦੱਸਿਆ ਕਿ ਪੇਂਡੂ ਖੇਤਰ ਦੇ 18 ਲੱਖ ਮਗਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ। ਸਰਕਾਰ ਟੱਸ ਤੋਂ ਮੱਸ ਹੁੰਦੀ ਦਿਖਾਈ ਨਹੀਂ ਦਿੰਦੀ। ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਦੀ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ। ਇਸ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਅਦਾਖਿਲਾਫ਼ੀ ਤੋਂ ਖਫ਼ਾ ਮਗਨਰੇਗਾ ਮੁਲਾਜ਼ਮਾਂ ਵੱਲੋਂ 5 ਅਗਸਤ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਸਬ ਕਮੇਟੀ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 9 ਅਗਸਤ ਨੂੰ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਘੇਰੀ ਜਾਵੇਗੀ।
ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਗੁਰਜੀਤ ਸਿੰਘ, ਜਸਵੀਰ ਸਿੰਘ,ਗੁਰਮੀਤ ਸਿੰਘ, ਤਰਸੇਮ ਚੰਦ, ਬਲਜੀਤ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ,ਰਮਨਪ੍ਰੀਤ ਕੌਰ, ਤੇਜਵਰਿੰਦਰ ਸਿੰਘ ਤੇਸੰਜੀਵ ਮਿੱਤਲ ਆਦਿ ਨੇ ਵੀ ਸੰਬੋਧਨ ਕੀਤਾ।